ਕਿਸਾਨੀ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ
ਹਰਸ਼ਾ ਛੀਨਾ, 16 ਮਾਰਚ- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਬੀਤੀ ਰਾਤ ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੜਿਆਲ ਵਾਸੀ ਸ: ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕੁਲਦੀਪ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਹ ਪਿੰਡ ਦੇ ਕਿਸਾਨੀ ਜਥੇ ਨਾਲ 19 ਫਰਵਰੀ ਨੂੰ ਦਿੱਲੀ ਕਿਸਾਨੀ ਅੰਦੋਲਨ ਵਿਚ ਗਿਆ ਸੀ, ਜਥੇ ਦੇ ਬਾਕੀ ਕਿਸਾਨ ਤਾਂ ਵਾਪਸ ਮੁੜ ਆਏ ਪਰ ਉਨ੍ਹਾਂ ਦਾ ਬੇਟਾ ਕੁਲਦੀਪ ਸਿੰਘ ਦਿੱਲੀ ਵਿਖੇ ਹੀ ਰੁਕ ਗਿਆ ਸੀ। ਬੀਤੀ ਸ਼ਾਮ ਪਿੰਡ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਬਰਸੀਮ ਦੇ ਖੇਤ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਕਿ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਇੱਥੇ ਦੱਸਣਯੋਗ ਹੈ ਕਿ ਮ੍ਰਿਤਕ ਕਿਸਾਨ ਕੁਲਦੀਪ ਸਿੰਘ ਨੇ ਆਪਣੇ ਘਰ ਪਰਤਣ ਤੋਂ ਪਹਿਲਾਂ ਹੀ ਰਸਤੇ ਵਿਚ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ।
Posted By: Daily Suraj Bureau