ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ, ਲੈਬ ਰਿਪੋਰਟਾਂ ਨੇ ਵੀਡੀਓ ਨੂੰ ਦੱਸਿਆ ਨਕਲੀ
- ਪੰਜਾਬ
- (Asia/Kolkata)
ਕਥਿਤ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਪਹਿਲੀ ਵਾਰ ਆਪਣਾ ਪੱਖ ਜਨਤਕ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਤੋਂ ਬਾਹਰ ਸਥਿਤ ਪ੍ਰਮੁੱਖ ਫ਼ੋਰੈਂਸਿਕ ਲੈਬਾਰਟਰੀਆਂ ਤੋਂ ਕਰਵਾਈ ਗਈ ਜਾਂਚ ਵਿੱਚ ਇਹ ਸਾਬਤ ਹੋਇਆ ਹੈ ਕਿ ਸੰਬੰਧਿਤ ਵੀਡੀਓ ਪੂਰੀ ਤਰ੍ਹਾਂ ਨਕਲੀ ਅਤੇ ਫ਼ਰਜ਼ੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਦੇ ਹਰ ਫਰੇਮ ਦੀ ਬਾਰੀਕੀ ਨਾਲ ਤਕਨੀਕੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੇ ਅਨੁਸਾਰ ਜਾਂਚ ਰਿਪੋਰਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਕਿਸੇ ਵੀ ਕੋਣ ਤੋਂ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ। 'ਅਦਾਕਾਰ ਦੀ ਵਰਤੋਂ ਕਰਕੇ ਬਣਾਈ ਗਈ ਵੀਡੀਓ' ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਛਵੀ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਇੱਕ ਅਦਾਕਾਰ ਦੀ ਵਰਤੋਂ ਕਰਕੇ ਇਹ ਵੀਡੀਓ ਤਿਆਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਦੇ ਡੀਜੀਪੀ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਵੀਡੀਓ ਬਣਾਉਣ ਵਾਲੇ, ਇਸ ਦੀ ਯੋਜਨਾ ਤਿਆਰ ਕਰਨ ਵਾਲੇ ਅਤੇ ਇਸ ਦੇ ਪਿੱਛੇ ਕੰਮ ਕਰਨ ਵਾਲੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਬੇਨਕਾਬ ਕੀਤਾ ਜਾਵੇ। ਅਕਾਲੀ ਦਲ ਅਤੇ ਐੱਸਜੀਪੀਸੀ 'ਤੇ ਲਗਾਏ ਦੋਸ਼ ਮੁੱਖ ਮੰਤਰੀ ਨੇ ਕਿਹਾ ਕਿ ਫਰੇਮ-ਦਰ-ਫਰੇਮ ਕੀਤੇ ਗਏ ਤਕਨੀਕੀ ਵਿਸ਼ਲੇਸ਼ਣ ਨਾਲ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਕਥਿਤ ਸਿਆਸੀ ਮਨਸੂਬਿਆਂ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਰਚੀ ਗਈ ਇਹ ਕਥਿਤ ਸਾਜ਼ਿਸ਼ ਅਸਫਲ ਰਹੀ ਹੈ। ਸਰਕਾਰ ਦੇ ਕੰਮਾਂ ਦਾ ਵੀ ਕੀਤਾ ਜ਼ਿਕਰ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਸੇਵਾ ਦਾ ਮੌਕਾ ਮਿਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਕਈ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਸੰਸਦ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿਵਾਉਣ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਵਾਲੀਆਂ ਗੱਡੀਆਂ ਦਾ ਟੈਕਸ ਮੁਆਫ਼ ਕਰਨ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਅਤੇ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਵਰਗੇ ਫ਼ੈਸਲਿਆਂ ਦਾ ਜ਼ਿਕਰ ਕੀਤਾ। ਬੇਅਦਬੀ ਦੇ ਮਾਮਲਿਆਂ ਸਬੰਧੀ ਉਨ੍ਹਾਂ ਕਿਹਾ ਕਿ ਪਹਿਲਾਂ ਮੌਜੂਦ ਕਾਨੂੰਨ ਕਮਜ਼ੋਰ ਸੀ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੇ ਹੋਰ ਸਖ਼ਤ ਬਣਾਇਆ ਹੈ। ਵੀਡੀਓ ਦੇ ਸਰੋਤ ਦੀ ਜਾਂਚ ਜਾਰੀ ਮੁੱਖ ਮੰਤਰੀ ਨੇ ਦੱਸਿਆ ਕਿ ਡੀਜੀਪੀ ਨੂੰ ਇਹ ਵੀ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਵੀਡੀਓ ਕਿਸ ਨੇ ਤਿਆਰ ਕਰਵਾਈ, ਇਸ ਲਈ ਫੰਡ ਕਿਸ ਨੇ ਮੁਹੱਈਆ ਕਰਵਾਏ ਅਤੇ ਇਸ ਦੀ ਸ਼ੂਟਿੰਗ ਕਿੱਥੇ ਕੀਤੀ ਗਈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਉਪਰੰਤ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ ਅਤੇ ਨਾਨਕ ਨਾਮ ਲੇਵਾ ਸੰਗਤ ਸਾਹਮਣੇ ਸੱਚਾਈ ਰੱਖੀ ਜਾਵੇਗੀ। ਵਿਰੋਧੀਆਂ 'ਤੇ ਸਿਆਸੀ ਨਿਸ਼ਾਨਾ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਕੁਝ ਧਾਰਮਿਕ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਅਜਿਹੇ ਹੱਥਕੰਡੇ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਪੰਜਾਬ ਵਿੱਚ ਹੋ ਰਹੇ ਵਿਕਾਸ ਨੂੰ ਬਰਦਾਸ਼ਤ ਨਹੀਂ ਕਰ ਰਹੀਆਂ ਅਤੇ ਇਸੇ ਕਾਰਨ ਲਗਾਤਾਰ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਉਨ੍ਹਾਂ ਨੂੰ ਲੋਕ ਸੇਵਾ ਦੇ ਰਾਹ ਤੋਂ ਡਿਗਾ ਨਹੀਂ ਸਕਦੀਆਂ ਅਤੇ ਉਹ ਭਵਿੱਖ ਵਿੱਚ ਵੀ ਪੰਜਾਬ ਦੇ ਹਿੱਤਾਂ ਲਈ ਕੰਮ ਕਰਦੇ ਰਹਿਣਗੇ।
Leave a Reply