ਵੋਟਰ ਸੂਚੀਆਂ 'ਚ ਗੜਬੜੀ ਦਾ ਦੋਸ਼: CJP ਨੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੋਂ ਮੰਗਿਆ ਅਸਤੀਫ਼ਾ
ਕਾਕਰੋਚ ਜਨਤਾ ਪਾਰਟੀ (CJP) ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਤਿੱਖਾ ਰੁੱਖ ਅਪਣਾਉਂਦਿਆਂ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਅਲਟੀਮੇਟਮ ਦਿੱਤਾ ਹੈ। ਪਾਰਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤੈਅ ਸਮੇਂ ਦੇ ਅੰਦਰ ਮੁੱਖ ਚੋਣ ਕਮਿਸ਼ਨਰ ਨੇ ਅਸਤੀਫ਼ਾ ਨਾ ਦਿੱਤਾ, ਤਾਂ ਦੇਸ਼ ਭਰ ਵਿੱਚ ਇੱਕ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਦਿੱਲੀ ਵਿੱਚ ਪੂਰਨ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। SIR ਪ੍ਰਕਿਰਿਆ ਅਤੇ ਚੋਣ ਕਮਿਸ਼ਨ 'ਤੇ ਗੰਭੀਰ ਦੋਸ਼ 'ਦਿ ਇੰਡੀਅਨ ਐਕਸਪ੍ਰੈੱਸ' ਦੀ ਹਾਲੀਆ ਰਿਪੋਰਟ ਵਿੱਚ ਸਾਹਮਣੇ ਆਈ ਐੱਸ.ਆਈ.ਆਰ. (SIR) ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੇ ਅੰਦਰੂਨੀ ਮਤਭੇਦਾਂ ਤੋਂ ਬਾਅਦ CJP ਪੂਰੀ ਤਰ੍ਹਾਂ ਹਮਲਾਵਰ ਨਜ਼ਰ ਆ ਰਹੀ ਹੈ। ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਆਗੂਆਂ ਅਭਿਜੀਤ ਦੀਪਕੇ, ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਨੇ ਮੁੱਖ ਚੋਣ ਕਮਿਸ਼ਨਰ 'ਤੇ ਦੇਸ਼ ਦੀ ਲੋਕਤੰਤਰੀ ਵਿਵਸਥਾ ਨੂੰ ਢਾਹ ਲਾਉਣ ਅਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ 'ਤੇ ਗੜਬੜੀ ਕਰਨ ਦੇ ਦੋਸ਼ ਲਗਾਏ। 13 ਕਰੋੜ ਤੋਂ ਵੱਧ ਵੋਟਾਂ ਕੱਟਣ ਦਾ ਦਾਅਵਾ ਪ੍ਰੈੱਸ ਕਾਨਫ਼ਰੰਸ ਦੌਰਾਨ CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ SIR ਪ੍ਰਕਿਰਿਆ ਰਾਹੀਂ ਦੇਸ਼ ਭਰ ਵਿੱਚ 13 ਕਰੋੜ ਤੋਂ ਵੱਧ ਵੈਧ ਵੋਟਰਾਂ ਦੇ ਨਾਂ ਸੂਚੀ ਵਿੱਚੋਂ ਹਟਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਆਪਣੀ ਸਰਕਾਰ ਚੁਣਦੀ ਹੈ, ਪਰ ਮੌਜੂਦਾ ਹਾਲਾਤ ਵਿੱਚ ਸਰਕਾਰ ਇਹ ਤੈਅ ਕਰ ਰਹੀ ਹੈ ਕਿ ਕੌਣ ਵੋਟ ਪਾਵੇਗਾ ਅਤੇ ਕੌਣ ਨਹੀਂ। ਉਨ੍ਹਾਂ ਸਵਾਲ ਚੁੱਕਿਆ ਕਿ ਅਜਿਹੀ ਕਾਰਵਾਈ ਵਿਰੋਧੀ ਧਿਰਾਂ ਅਤੇ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਲਈ ਇੱਕ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹੈ। ਵੱਖ-ਵੱਖ ਰਾਜਾਂ 'ਚ ਵੋਟਾਂ ਹਟਾਉਣ ਦਾ ਦਾਅਵਾ CJP ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਦਿੱਲੀ, ਕੇਰਲ, ਤਾਮਿਲਨਾਡੂ, ਕਰਨਾਟਕ ਅਤੇ ਤੇਲੰਗਾਨਾ ਵਰਗੇ ਪ੍ਰਮੁੱਖ ਰਾਜਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਲੱਖਾਂ ਵੋਟਰਾਂ ਦੇ ਨਾਂ ਕੱਟੇ ਗਏ ਹਨ। ਪਾਰਟੀ ਅਨੁਸਾਰ ਜਿੱਥੇ ਚੋਣ ਨਤੀਜਿਆਂ ਵਿੱਚ ਹਾਰ-ਜਿੱਤ ਦਾ ਫ਼ਰਕ ਬਹੁਤ ਘੱਟ ਸੀ, ਉੱਥੇ ਵੋਟਾਂ ਕੱਟ ਕੇ ਸਿਆਸੀ ਸਮੀਕਰਨਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। CJP ਨੇ ਸਪੱਸ਼ਟ ਕੀਤਾ ਹੈ ਕਿ ਨਿਰਪੱਖ ਚੋਣ ਪ੍ਰਕਿਰਿਆ ਦੀ ਬਹਾਲੀ ਲਈ ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਲਾਜ਼ਮੀ ਹੈ।
Posted By: Daily Suraj Bureau