ਬੇਗੋਵਾਲ ’ਚ ਪੁਲੀਸ-ਨਸ਼ਾ ਤਸਕਰ ਮੁਕਾਬਲਾ, ਸਾਬਕਾ ਸਰਪੰਚ ਗੋਲੀ ਲੱਗਣ ਨਾਲ ਜ਼ਖ਼ਮੀ
ਕਪੂਰਥਲਾ ਜ਼ਿਲ੍ਹੇ ਦੇ ਕਸਬਾ ਬੇਗੋਵਾਲ ਵਿੱਚ ਸ਼ੁੱਕਰਵਾਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸੀਆਈਏ ਕਪੂਰਥਲਾ ਦੀ ਟੀਮ ਅਤੇ ਨਸ਼ਾ ਤਸਕਰਾਂ ਵਿਚਾਲੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਗੋਲੀਬਾਰੀ ਹੋ ਗਈ। ਇਸ ਮੁਠਭੇੜ ਦੌਰਾਨ ਸਬਜ਼ੀ ਖਰੀਦਣ ਆਏ ਪਿੰਡ ਨਾਦਾਲੀ ਦੇ ਸਾਬਕਾ ਸਰਪੰਚ ਸਤਪਾਲ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਘਟਨਾ ਸਤਗੁਰੂ ਰਾਖਾ ਚੌਕ ਵਿੱਚ ਵਾਪਰੀ, ਜਿੱਥੇ ਨਸ਼ਾ ਵਿਰੋਧੀ ਵਿਸ਼ੇਸ਼ ਮੁਹਿੰਮ ਤਹਿਤ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਸੀ। ਦੋਵਾਂ ਪਾਸਿਆਂ ਤੋਂ ਹੋਈ ਤਾਬੜਤੋੜ ਫਾਇਰਿੰਗ ਕਾਰਨ ਬਾਜ਼ਾਰ ਵਿੱਚ ਭਗਦੜ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਦੁਕਾਨਾਂ ਅਤੇ ਗਲੀਆਂ ਵੱਲ ਭੱਜਦੇ ਨਜ਼ਰ ਆਏ। ਜ਼ਖ਼ਮੀ ਸਤਪਾਲ ਸਿੰਘ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਸੀਨੀਅਰ ਪੁਲੀਸ ਕਪਤਾਨ ਗੌਰਵ ਤੂਰਾ ਨੇ ਦੱਸਿਆ ਕਿ ਸੀਆਈਏ ਟੀਮ ਨੂੰ ਇਲਾਕੇ ਵਿੱਚ ਨਸ਼ੇ ਦੀ ਵੱਡੀ ਖੇਪ ਸਪਲਾਈ ਹੋਣ ਸਬੰਧੀ ਪੁਖ਼ਤਾ ਜਾਣਕਾਰੀ ਮਿਲੀ ਸੀ। ਇਸ ਆਧਾਰ ’ਤੇ ਬੇਗੋਵਾਲ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਪੁਲੀਸ ਅਨੁਸਾਰ ਜਿਵੇਂ ਹੀ ਟੀਮ ਨੇ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਬਚ ਕੇ ਨਿਕਲਣ ਲਈ ਪੁਲੀਸ ’ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲੀਸ ਨੇ ਆਤਮ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਕਾਰਵਾਈ ਦੌਰਾਨ ਪੁਲੀਸ ਨੇ ਇੱਕ ਤਸਕਰ ਨੂੰ ਕਾਬੂ ਕਰ ਲਿਆ, ਜਿਸ ਦੀ ਪਛਾਣ ਅਭਿਮਨਿਊ ਪੁੱਤਰ ਰਾਮ ਲੁਭਾਇਆ ਵਾਸੀ ਵਾਰਡ ਨੰਬਰ 2, ਥਾਣਾ ਟਾਂਡਾ ਵਜੋਂ ਹੋਈ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਦੂਜਾ ਮੁਲਜ਼ਮ ਹਰਚਰਨ ਸਿੰਘ ਪੁੱਤਰ ਰਾਜਪਾਲ ਸਿੰਘ, ਵਾਸੀ ਥਾਣਾ ਸ੍ਰੀ ਹਰਗੋਬਿੰਦਪੁਰ, ਬਟਾਲਾ, ਨੇ ਸਤਗੁਰੂ ਰਾਖਾ ਚੌਕ ਨੇੜੇ ਦੁਬਾਰਾ ਪੁਲੀਸ ’ਤੇ ਗੋਲੀਆਂ ਚਲਾਈਆਂ ਅਤੇ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਫ਼ਰਾਰ ਹੋ ਗਿਆ। ਚਸ਼ਮਦੀਦਾਂ ਦੇ ਮੁਤਾਬਕ ਮੁਠਭੇੜ ਦੌਰਾਨ ਕਰੀਬ ਪੰਜ ਤੋਂ ਛੇ ਰਾਊਂਡ ਫਾਇਰ ਹੋਏ, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਪੁਲੀਸ ਨੇ ਮੁਲਜ਼ਮਾਂ ਕੋਲੋਂ ਕਰੀਬ 1.5 ਕਿਲੋਗ੍ਰਾਮ ਸ਼ੱਕੀ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਮੁਤਾਬਕ ਇਹ ਮਾਤਰਾ ਐੱਨਡੀਪੀਐੱਸ ਐਕਟ ਤਹਿਤ ਵਪਾਰਕ ਮਾਤਰਾ ਵਿੱਚ ਆਉਂਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਗੌਰਵ ਤੂਰਾ ਅਤੇ ਐੱਸਪੀ (ਡੀ) ਹਰਿੰਦਰ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਫ਼ਰਾਰ ਮੁਲਜ਼ਮ ਦੀ ਭਾਲ ਲਈ ਪੂਰੇ ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕਰਕੇ ਸਖ਼ਤ ਨਾਕਾਬੰਦੀ ਕੀਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਇਰਾਦਾ-ਏ-ਕਤਲ ਅਤੇ ਐੱਨਡੀਪੀਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲੀਸ ਵੱਲੋਂ ਫ਼ਰਾਰ ਤਸਕਰ ਦੇ ਸੰਭਾਵਿਤ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਇਲਾਕੇ ਵਿੱਚ ਸਰਗਰਮ ਵੱਡੇ ਡਰੱਗ ਨੈੱਟਵਰਕ ਬਾਰੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Posted By: Daily Suraj Bureau