Daily Suraj

ਪੰਜਾਬੀ

ਪੰਜਾਬ ਸਰਕਾਰ ਤੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬੋਰਡਰ 'ਤੇ ਧਰਨਾ ਕੀਤਾ ਖ਼ਤਮ

07 Sep, 2026 05:14 PM

ਚੰਡੀਗੜ੍ਹ-ਮੋਹਾਲੀ ਬੋਰਡਰ 'ਤੇ ਪਿਛਲੇ ਸੱਤ ਦਿਨਾਂ ਤੋਂ ਡਟੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣਾ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਮੰਗਾਂ ਦੇ ਸਬੰਧ ਵਿੱਚ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨ ਆਗੂਆਂ ਨੇ ਧਰਨਾ ਚੁੱਕਣ ਦਾ ਫੈਸਲਾ ਲਿਆ। ਇਸ ਤੋਂ ਪਹਿਲਾਂ ਐਤਵਾਰ ਨੂੰ ਕਿਸਾਨ ਆਗੂਆਂ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਚਕਾਰ ਇੱਕ ਅਹਿਮ ਬੈਠਕ ਹੋਈ ਸੀ। ਇਸ ਬੈਠਕ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਆਸਵੰਦ ਕੀਤਾ ਸੀ ਕਿ ਪੰਜਾਬ ਸਰਕਾਰ ਨਾਲ ਸਬੰਧਤ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਇਨ੍ਹਾਂ ਮੁੱਦਿਆਂ 'ਤੇ ਵਿਚਾਰ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਮਤਾ ਲਿਆਂਦਾ ਜਾਵੇਗਾ। ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਕੇ ਧਰਨਾ ਖ਼ਤਮ ਕਰਵਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਖੁੱਡੀਆਂ ਨੇ ਸਪੱਸ਼ਟ ਕੀਤਾ ਕਿ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ, ਜਿਸ ਵਿੱਚ ਕਿਸਾਨਾਂ ਦੇ ਮੁੱਦਿਆਂ 'ਤੇ ਗੰਭੀਰ ਚਰਚਾ ਕੀਤੀ ਜਾਵੇਗੀ। ਸਰਕਾਰ ਵੱਲੋਂ ਇਹ ਵਚਨਬੱਧਤਾ ਲਿਖਤੀ ਰੂਪ ਵਿੱਚ ਮਿਲਣ ਤੋਂ ਬਾਅਦ ਕਿਸਾਨ ਮੋਰਚੇ ਨੇ ਅੱਜ ਆਪਣਾ ਵਿਰੋਧ ਪ੍ਰਦਰਸ਼ਨ ਸਮਾਪਤ ਕਰਨ ਦਾ ਰਸਮੀ ਐਲਾਨ ਕਰ ਦਿੱਤਾ।

Posted By: Daily Suraj Bureau

Latest News