ਮਾਨਸੂਨ ਹੋਵੇਗਾ ਹੋਰ ਸਰਗਰਮ: ਪੰਜਾਬ ਵਿੱਚ ਅੱਜ ਤੇ 9 ਜੁਲਾਈ ਲਈ ਭਾਰੀ ਮੀਂਹ ਦੀ ਚੇਤਾਵਨੀ
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦਿਆਂ ਅੱਜ ਅਤੇ 9 ਜੁਲਾਈ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਦੇ ਕੁਝ ਹਿੱਸਿਆਂ ਵਿੱਚ ਬੱਦਲਵਾਈ ਬਣੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਵਿੱਚ ਮਾਨਸੂਨ ਦਾਖਲ ਹੋ ਚੁੱਕਾ ਹੈ, ਪਰ ਉਮੀਦ ਅਨੁਸਾਰ ਵਰਖਾ ਨਹੀਂ ਹੋ ਰਹੀ। ਘੱਟ ਬਾਰਿਸ਼ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਹੁੰਮਸ ਅਤੇ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾਈਆਂ ਹੋਈਆਂ ਹਨ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਦੱਖਣ-ਪੱਛਮੀ ਮਾਨਸੂਨ ਦੇ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਵੀ ਪੂਰੀ ਤਰ੍ਹਾਂ ਫੈਲਣ ਲਈ ਹਾਲਾਤ ਅਨੁਕੂਲ ਹਨ। ਉਨ੍ਹਾਂ ਦੱਸਿਆ ਕਿ ਹੁਣ ਸਿਰਫ਼ ਦੋ ਜ਼ਿਲ੍ਹਿਆਂ ਵਿੱਚ ਹੀ ਮਾਨਸੂਨ ਦੀ ਪੂਰੀ ਪਹੁੰਚ ਬਾਕੀ ਹੈ, ਪਰ ਇਸ ਦੀ ਰਫ਼ਤਾਰ ਲਗਾਤਾਰ ਅੱਗੇ ਵੱਧ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਨਸੂਨ ਦੀ ਸਰਗਰਮੀ ਕਾਰਨ ਰਾਜ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਵਰਖਾ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਉਮੀਦ ਹੈ, ਜਿਸ ਨਾਲ ਹੁੰਮਸ ਅਤੇ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਸ ਤੋਂ ਇਲਾਵਾ, ਇੱਕ ਪੱਛਮੀ ਗੜਬੜੀ ਵੀ ਸਰਗਰਮ ਹੈ, ਜੋ ਮਾਨਸੂਨ ਨੂੰ ਹੋਰ ਮਜ਼ਬੂਤੀ ਦੇਵੇਗੀ ਅਤੇ ਅਗਲੇ ਕੁਝ ਦਿਨਾਂ ਤੱਕ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।
Posted By: Daily Suraj Bureau