ਸੋਨਮ ਵਾਂਗਚੁਕ ਹਸਪਤਾਲ ਦਾਖਲ, ਪਤਨੀ ਨੇ ਕਿਹਾ– ਮੇਰੀ ਸਹਿਮਤੀ ਤੋਂ ਬਿਨਾਂ ਕੋਈ ਇਲਾਜ ਨਾ ਕੀਤਾ ਜਾਵੇ

ਸੋਨਮ ਵਾਂਗਚੁਕ ਹਸਪਤਾਲ ਦਾਖਲ, ਪਤਨੀ ਨੇ ਕਿਹਾ– ਮੇਰੀ ਸਹਿਮਤੀ ਤੋਂ ਬਿਨਾਂ ਕੋਈ ਇਲਾਜ ਨਾ ਕੀਤਾ ਜਾਵੇ

ਕਾਰਕੁਨ ਸੋਨਮ ਵਾਂਗਚੁਕ ਨੂੰ ਸ਼ਨੀਵਾਰ ਸਵੇਰੇ ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਤੋਂ ਸਫਦਰਜੰਗ ਹਸਪਤਾਲ ਤਬਦੀਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਗੀਤਾਂਜਲੀ ਜੇ. ਐਂਗਮੋ ਨੇ ਕਿਹਾ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਵਾਂਗਚੁਕ ਨੂੰ ਕਿਸੇ ਵੀ ਤਰ੍ਹਾਂ ਦਾ ਡਾਕਟਰੀ ਇਲਾਜ ਨਾ ਦਿੱਤਾ ਜਾਵੇ। ਸੋਨਮ ਵਾਂਗਚੁਕ ਨੂੰ ਉਨ੍ਹਾਂ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ 21ਵੇਂ ਦਿਨ ਹਸਪਤਾਲ ਲਿਜਾਇਆ ਗਿਆ। ਗੀਤਾਂਜਲੀ ਜੇ. ਐਂਗਮੋ ਨੇ ਦੱਸਿਆ ਕਿ ਉਹ ਇਸ ਵੇਲੇ ਸਫਦਰਜੰਗ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਇਲਾਜ ਜਾਂ ਡਾਕਟਰੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਕੁਝ ਵੀ ਕੀਤਾ ਜਾਂਦਾ ਹੈ ਤਾਂ ਉਹ ਇਸ ਲਈ ਸਬੰਧਤ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਉਣਗੇ। ਹਸਪਤਾਲ ਵਿੱਚ ਦਾਖਲ ਕਰਨ ਦੇ ਫੈਸਲੇ 'ਤੇ ਸਵਾਲ ਚੁੱਕਦਿਆਂ ਐਂਗਮੋ ਨੇ ਦਾਅਵਾ ਕੀਤਾ ਕਿ ਸ਼ੁੱਕਰਵਾਰ ਨੂੰ ਵਾਂਗਚੁਕ ਦੀ ਸਿਹਤ ਠੀਕ ਲੱਗ ਰਹੀ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੀ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਅਨੁਛੇਦ 32 ਤਹਿਤ ਇਹ ਉਨ੍ਹਾਂ ਦਾ ਅਧਿਕਾਰ ਹੈ ਅਤੇ ਉਨ੍ਹਾਂ ਦੀ ਸਹਿਮਤੀ ਅਤੇ ਉਨ੍ਹਾਂ ਦੇ ਡਾਕਟਰ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਇਲਾਜ ਨਹੀਂ ਕੀਤਾ ਜਾਣਾ ਚਾਹੀਦਾ। ਇਸ ਮਾਮਲੇ 'ਤੇ ਦਿੱਲੀ ਪੁਲੀਸ ਨੇ ਕਿਹਾ ਕਿ ਮਾਹਿਰ ਡਾਕਟਰਾਂ ਦੀ ਸਲਾਹ ਅਤੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸੋਨਮ ਵਾਂਗਚੁਕ ਨੂੰ "ਜ਼ਰੂਰੀ ਡਾਕਟਰੀ ਦੇਖਭਾਲ" ਲਈ ਸਫਦਰਜੰਗ ਹਸਪਤਾਲ ਭੇਜਿਆ ਗਿਆ ਹੈ। ਪੁਲੀਸ ਨੇ ਜੰਤਰ-ਮੰਤਰ 'ਤੇ ਮੌਜੂਦ ਪ੍ਰਦਰਸ਼ਨਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਅੰਦੋਲਨ ਸ਼ਾਂਤੀਪੂਰਵਕ ਸਮਾਪਤ ਕਰਕੇ ਥਾਂ ਖਾਲੀ ਕਰ ਦੇਣ। ਸ਼ੁੱਕਰਵਾਰ ਰਾਤ ਜਾਰੀ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ ਸੋਨਮ ਵਾਂਗਚੁਕ ਨੇ ਕਿਹਾ ਸੀ ਕਿ ਸਿਹਤ ਲਗਾਤਾਰ ਵਿਗੜਨ ਦੇ ਬਾਵਜੂਦ ਉਹ ਆਪਣੀ ਭੁੱਖ ਹੜਤਾਲ ਜਾਰੀ ਰੱਖਣ ਲਈ ਦ੍ਰਿੜ ਹਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਭੁੱਖ ਹੜਤਾਲ ਦੌਰਾਨ ਉਹ ਆਪਣੇ ਸਰੀਰ ਦਾ ਲਗਭਗ 20 ਫੀਸਦੀ ਭਾਰ ਗੁਆ ਚੁੱਕੇ ਹਨ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਸੀ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਦੇਸ਼ ਦੇ ਨੌਜਵਾਨਾਂ ਦੀ ਆਵਾਜ਼ ਸੁਣੇ। ਸੋਨਮ ਵਾਂਗਚੁਕ 28 ਜੂਨ ਤੋਂ ਨੀਟ (NEET) ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਇਸ ਵਿਵਾਦ ਨਾਲ ਜੁੜੇ ਵਿਦਿਆਰਥੀਆਂ ਦੀਆਂ ਰਿਪੋਰਟ ਕੀਤੀਆਂ ਮੌਤਾਂ ਦੇ ਮਾਮਲੇ ਵਿੱਚ ਸੀ.ਜੇ.ਪੀ. (CJP) ਦੀ ਅਗਵਾਈ ਹੇਠ ਚੱਲ ਰਹੇ ਪ੍ਰਦਰਸ਼ਨ ਦੇ ਸਮਰਥਨ ਵਿੱਚ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ 'ਤੇ ਬੈਠੇ ਹੋਏ ਹਨ। ਇਸ ਦੌਰਾਨ ਦਿੱਲੀ ਹਾਈ ਕੋਰਟ ਵਾਂਗਚੁਕ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਦੀ ਸਿਹਤ ਦਾ ਨਿਯਮਤ ਮੁਲਾਂਕਣ ਕੀਤਾ ਜਾਵੇ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਉਚਿਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇ।