Daily Suraj

ਪੰਜਾਬੀ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, CM ਭਗਵੰਤ ਮਾਨ ਦੀ ਅਗਵਾਈ ਹੇਠ ਕਈ ਮੁੱਦਿਆਂ 'ਤੇ ਹੋਵੇਗੀ ਚਰਚਾ

21 Jul, 2026 06:38 AM

ਪੰਜਾਬ ਸਰਕਾਰ ਨੇ ਮੰਗਲਵਾਰ, 21 ਜੁਲਾਈ ਨੂੰ ਮੰਤਰੀ ਮੰਡਲ (ਕੈਬਨਿਟ) ਦੀ ਵਿਸ਼ੇਸ਼ ਮੀਟਿੰਗ ਸੱਦੀ ਹੈ। ਜਾਣਕਾਰੀ ਅਨੁਸਾਰ ਇਹ ਬੈਠਕ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ 'ਤੇ ਹੋਵੇਗੀ। ਸੂਤਰਾਂ ਅਨੁਸਾਰ, ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਸੂਬੇ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ, ਵਿਕਾਸ ਕਾਰਜਾਂ ਅਤੇ ਪ੍ਰਸ਼ਾਸਨਿਕ ਨੀਤੀਆਂ 'ਤੇ ਵਿਚਾਰ-ਵਟਾਂਦਰਾ ਕਰਨਗੇ। ਇਸ ਦੇ ਨਾਲ ਹੀ ਕਈ ਅਹਿਮ ਪ੍ਰਸਤਾਵਾਂ ਅਤੇ ਨੀਤੀਗਤ ਫ਼ੈਸਲਿਆਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਬੈਠਕ ਵਿੱਚ ਨਵੀਂ ਭਰਤੀ ਨਾਲ ਸਬੰਧਤ ਮਾਮਲਿਆਂ, ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਵਾਲੀਆਂ ਯੋਜਨਾਵਾਂ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਇਹ ਸੰਭਾਵਨਾ ਵੀ ਜਤਾਈ ਜਾ ਰਹੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਲੋਕ-ਹਿੱਤ ਨਾਲ ਜੁੜੀਆਂ ਕੁਝ ਨਵੀਆਂ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਬਾਰੇ ਫ਼ੈਸਲੇ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ 8 ਮਈ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਗਭਗ 65 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਰਾਹਤ ਦੇਣ ਸਬੰਧੀ ਫ਼ੈਸਲਾ ਲਿਆ ਗਿਆ ਸੀ। ਇਸ ਤੋਂ ਬਾਅਦ ਹੋਈ ਕੈਬਨਿਟ ਬੈਠਕ ਵਿੱਚ ਨਿੱਜੀ ਸਕੂਲਾਂ ਵੱਲੋਂ ਫੀਸ ਵਾਧੇ ਨੂੰ ਰੋਕਣ ਲਈ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਸ ਫ਼ੈਸਲੇ ਤਹਿਤ ਪੰਜ ਫੀਸਦੀ ਤੋਂ ਵੱਧ ਫੀਸ ਵਸੂਲਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਤੋਂ ਲਈ ਗਈ ਵਾਧੂ ਫੀਸ ਵਾਪਸ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਸਨ। ਹੁਣ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ, ਜਿੱਥੇ ਸੂਬੇ ਦੇ ਵਿਕਾਸ, ਪ੍ਰਸ਼ਾਸਨ ਅਤੇ ਲੋਕ-ਭਲਾਈ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ 'ਤੇ ਵਿਚਾਰ ਹੋਣ ਦੀ ਉਮੀਦ ਹੈ।

Posted By: Daily Suraj Bureau

Latest News