Daily Suraj

ਪੰਜਾਬੀ

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ; ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

19 Feb, 2025 12:37 AM

ਚੀਮਾ (ਸੰਗਰੂਰ)/ਸਰਦੂਲਗੜ੍ਹ (ਮਾਨਸਾ) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ ‘ਤੇ ਦਿੱਤੀਆਂ ਜਾ ਰਹੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ ਜਾ ਸਕੇ।

ਮੁੱਖ ਮੰਤਰੀ ਅੱਜ ਦੁਪਹਿਰ ਮੌਕੇ ਚੀਮਾ ਦੇ ਸਬ-ਤਹਿਸੀਲ ਕੰਪਲੈਕਸ ਪਹੁੰਚੇ ਅਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਲੋਕਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਭਾਵੀ ਕੰਮਕਾਜ ਲਈ ਲੋਕਾਂ ਦੀ ਫੀਡਬੈਕ ਬਹੁਤ ਮਹੱਤਵ ਰੱਖਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਪਲੈਕਸ ਦਾ ਦੌਰਾ ਕੀਤਾ ਹੈ ਕਿ ਕੀ ਉਨ੍ਹਾਂ ਦੇ ਕੰਮ ਸੁਚਾਰੂ ਢੰਗ ਨਾਲ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਹੋ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕੋਈ ਨੁਕਸ ਕੱਢਣਾ ਨਹੀਂ ਹੈ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਖੁਦ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਅਫ਼ਸਰਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਦੌਰੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਵੱਧ ਤਰਜੀਹ ਲੋਕਾਂ ਦੇ ਰੋਜ਼ਮੱਰਾ ਦੇ ਦਫ਼ਤਰੀ ਕੰਮਕਾਜ ਦਾ ਫੌਰੀ ਹੱਲ ਕਰਨਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸੰਤ ਬਾਬਾ ਅਤਰ ਸਿੰਘ ਜੀ ਦੀ ਯਾਦ ਵਿੱਚ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

Posted By: Daily Suraj Bureau

Latest News