Daily Suraj

ਪੰਜਾਬੀ

ਸਵੈ-ਗਣਨਾ ਪੰਜਾਬ ਦੀਆਂ ਭਵਿੱਖੀ ਯੋਜਨਾਵਾਂ, ਵਿਕਾਸ ਨੀਤੀਆਂ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਅਹਿਮ ਸਾਬਤ ਹੋਵੇਗੀ-ਦਲਜੀਤ ਰਾਜੂ

18 Nov, 2026 07:53 PM

(ਇੰਦਰਜੀਤ ਚਾਹਲ)ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਅੱਜ ਆਪਣੀ ਅਤੇ ਆਪਣੇ ਪਰਿਵਾਰ ਦੀ ਆਨਲਾਈਨ ਸਵੈ-ਗਣਨਾ ਪੂਰੀ ਕੀਤੀ।ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਸਮੂਹ ਲੋਕਾਂ ਨੂੰ 16 ਨਵੰਬਰ ਤੋਂ 30 ਨਵੰਬਰ 2026 ਤੱਕ ਆਪਣੀ ਸਵੈ-ਗਣਨਾ ਆਨਲਾਈਨ ਪੂਰੀ ਕਰਨ ਦੀ ਅਪੀਲ ਕੀਤੀ।ਉਨ੍ਹਾਂਨੇ ਕਿਹਾ ਕਿ ਜਨਗਣਨਾ ਦੌਰਾਨ ਇਕੱਠੇ ਕੀਤੇ ਜਾਣ ਵਾਲੇ ਸਹੀ ਅੰਕੜੇ ਪੰਜਾਬ ਦੀਆਂ ਭਵਿੱਖੀ ਯੋਜਨਾਵਾਂ,ਵਿਕਾਸ ਨੀਤੀਆਂ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਅਹਿਮ ਸਾਬਤ ਹੋਣਗੇ।ਉਨ੍ਹਾਂ ਭਰੋਸਾ ਦਿੱਤਾ ਕਿ ਸਵੈ-ਗਣਨਾ ਲਈ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਦੀ ਲੋੜ ਨਹੀਂ ਹੈ ਅਤੇ ਲੋਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਦਲਜੀਤ ਰਾਜੂ ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਲੋਕ 16 ਨਵੰਬਰ ਤੋਂ 30 ਨਵੰਬਰ 2026 ਤੱਕ ਘਰ ਬੈਠੇ ਹੀ ਆਨਲਾਈਨ ਆਪਣੇ ਪਰਿਵਾਰ ਅਤੇ ਘਰ ਨਾਲ ਸਬੰਧਤ ਵੇਰਵੇ ਦਰਜ ਕਰਵਾ ਸਕਦੇ ਹਨ।ਉਨ੍ਹਾਂਨੇ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪਹਿਲੀ ਵਾਰ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਸਵੈ-ਗਣਨਾ ਦੀ ਸਹੂਲਤ ਰਾਹੀਂ ਲੋਕ ਆਪਣੀ ਸਹੂਲਤ ਅਨੁਸਾਰ ਨਿਰਧਾਰਤ ਸਮੇਂ ਦੌਰਾਨ ਪਰਿਵਾਰ ਦੀ ਜਾਣਕਾਰੀ ਖੁਦ ਆਨਲਾਈਨ ਭਰ ਸਕਣਗੇ।ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਲਈ ਵਿਸ਼ੇਸ਼ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ,ਜਿਸ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।ਜਾਣਕਾਰੀ ਸਫ਼ਲਤਾਪੂਰਵਕ ਜਮ੍ਹਾਂ ਕਰਵਾਉਣ ਉਪਰੰਤ ਇਕ ਵਿਸ਼ੇਸ਼ ਸਵੈ-ਗਣਨਾ ਆਈਡੀ ਜਾਰੀ ਹੋਵੇਗੀ। ਨਾਗਰਿਕਾਂ ਨੂੰ ਇਹ ਆਈਡੀ ਬਾਅਦ ਵਿਚ ਘਰ ਘਰ ਜਾਣ ਵਾਲੇ ਜਨਗਣਨਾ ਕਰਮਚਾਰੀਆਂ ਨਾਲ ਸਾਂਝੀ ਕਰਨੀ ਹੋਵੇਗੀ ਤਾਂ ਜੋ ਉਨ੍ਹਾਂ ਵੱਲੋਂ ਦਰਜ ਕੀਤੀ ਜਾਣਕਾਰੀ ਦੀ ਪੁਸ਼ਟੀ ਕੀਤੀ ਜਾ ਸਕੇ। ਉਨ੍ਹਾਂਨੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੀ ਸਹੂਲਤ ਲਾਜ਼ਮੀ ਨਹੀਂ,ਸਗੋਂ ਨਾਗਰਿਕਾਂ ਦੀ ਸਹੂਲਤ ਲਈ ਇਕ ਵਿਕਲਪਿਕ ਵਿਵਸਥਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਰਿਵਾਰ ਸਬੰਧੀ ਸਹੀ ਤੇ ਮੁਕੰਮਲ ਜਾਣਕਾਰੀ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇਸ਼ ਦੇ ਭਵਿੱਖੀ ਵਿਕਾਸ,ਸਰਕਾਰੀ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਦੇ ਨਿਰਮਾਣ ਲਈ ਬੇਹੱਦ ਅਹਿਮ ਹੈ,ਇਸ ਲਈ ਹਰੇਕ ਨਾਗਰਿਕ ਨੂੰ ਇਸ ਰਾਸ਼ਟਰੀ ਕਾਰਜ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

Latest News