Daily Suraj

ਪੰਜਾਬੀ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਬੰਦ, ਬਾਜ਼ਾਰਾਂ ਵਿੱਚ ਰਹੀ ਸੁੰਨਤਾ

06 Jun, 2026 10:45 AM

ਜੂਨ 1984 ਦੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੇ ਰੋਸ ਅਤੇ ਰੋਹ ਵਜੋਂ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦਾ ਅੱਜ ਸ਼ਹਿਰ ਵਿੱਚ ਵਿਆਪਕ ਅਸਰ ਵੇਖਣ ਨੂੰ ਮਿਲਿਆ। ਬੰਦ ਦੇ ਸੱਦੇ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰੱਖੇ ਗਏ। ਅੱਜ ਸਵੇਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ। ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ। ਸਵੇਰ ਵੇਲੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਬਹੁਤੇ ਰਸਤਿਆਂ 'ਤੇ ਨਾਕੇ ਲਗਾ ਕੇ ਉਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ ਸੰਗਤ ਦੀ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਕੁਝ ਰਸਤੇ ਖੁੱਲ੍ਹੇ ਰੱਖੇ ਗਏ ਸਨ। ਬੰਦ ਦਾ ਅਸਰ ਸ਼ਹਿਰ ਦੇ ਪ੍ਰਮੁੱਖ ਵਪਾਰਕ ਖੇਤਰਾਂ ਵਿੱਚ ਵੀ ਸਪੱਸ਼ਟ ਤੌਰ 'ਤੇ ਵੇਖਿਆ ਗਿਆ। ਹਾਲ ਬਾਜ਼ਾਰ, ਕਟੜਾ ਜੈਮਲ ਸਿੰਘ, ਕਟੜਾ ਸ਼ੇਰ ਸਿੰਘ, ਚੌਂਕ ਫਰੀਦ, ਰਾਮਬਾਗ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਥਿਤ ਬਾਜ਼ਾਰਾਂ ਸਮੇਤ ਕਈ ਥਾਵਾਂ 'ਤੇ ਦੁਕਾਨਾਂ ਬੰਦ ਰਹੀਆਂ। ਦੁਕਾਨਾਂ ਤੋਂ ਇਲਾਵਾ ਹੋਰ ਕਾਰੋਬਾਰੀ ਗਤੀਵਿਧੀਆਂ ਵੀ ਪ੍ਰਭਾਵਿਤ ਰਹੀਆਂ। ਇਸ ਦੇ ਬਾਵਜੂਦ ਸ਼ਹਿਰ ਵਿੱਚ ਆਵਾਜਾਈ ਦੀ ਸਥਿਤੀ ਆਮ ਰਹੀ ਅਤੇ ਵਾਹਨਾਂ ਦੀ ਆਵਾਜਾਈ ਪਹਿਲਾਂ ਵਾਂਗ ਹੀ ਜਾਰੀ ਰਹੀ।

Posted By: Daily Suraj Bureau

Latest News