Daily Suraj

ਪੰਜਾਬੀ

ਜੈਤੋ ਥਾਣੇ ਦਾ ਪੁਲਿਸ ਕਰਮਚਾਰੀ ਰੰਗੇ ਹੱਥੀਂ ਕਾਬੂ, ਕਾਰ ਛੱਡਣ ਲਈ ਮੰਗੀ ਸੀ ਰਿਸ਼ਵਤ

25 Apr, 2026 02:15 PM

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਤਹਿਸੀਲ ਜੈਤੋ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਮੁਤਾਬਕ, ਸ਼ਿਕਾਇਤਕਰਤਾ ਵਿਰੁੱਧ ਝਗੜੇ ਦੀ ਸ਼ਿਕਾਇਤ ਮਿਲਣ ‘ਤੇ ਦੋਸ਼ੀ ਸੀਨੀਅਰ ਕਾਂਸਟੇਬਲ ਉਸਨੂੰ ਉਸਦੀ ਆਲਟੋ ਕਾਰ ਸਮੇਤ ਥਾਣਾ ਜੈਤੋ ਲੈ ਗਿਆ ਸੀ। ਬਾਅਦ ਵਿੱਚ ਦੋਵਾਂ ਧਿਰਾਂ ਵਿੱਚ ਸਮਝੌਤਾ ਹੋ ਗਿਆ, ਪਰ ਇਸ ਦੇ ਬਾਵਜੂਦ ਦੋਸ਼ੀ ਨੇ ਸ਼ਿਕਾਇਤਕਰਤਾ ਦੀ ਕਾਰ ਥਾਣੇ ਵਿੱਚ ਹੀ ਰੱਖ ਲਈ ਅਤੇ ਕਾਰ ਛੱਡਣ ਦੇ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਸ ਗੱਲਬਾਤ ਨੂੰ ਰਿਕਾਰਡ ਵੀ ਕਰ ਲਿਆ ਸੀ। ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਫਰੀਦਕੋਟ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਬਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

Posted By: Daily Suraj Bureau

Latest News