ਪੰਜਾਬ ਵਿਧਾਨ ਸਭਾ ਬਾਹਰ ਇਨਸਾਫ਼ ਲਈ ਪ੍ਰਦਰਸ਼ਨ: ਅਬੋਹਰ ਕਤਲ ਕਾਂਡ ਦੇ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਪਹੁੰਚੇ ਭਾਜਪਾ ਆਗੂ
- ਪੰਜਾਬ
- (Asia/Kolkata)
ਪੰਜਾਬ ਦੇ ਅਬੋਹਰ ਵਿੱਚ ਪਿਛਲੇ ਦਿਨੀਂ ਅਜੈ ਨਾਮੀ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਦੇ ਬਾਹਰ ਪਹੁੰਚਿਆ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਮ੍ਰਿਤਕ ਦੀ ਮਾਤਾ ਮੰਜੂ ਅਤੇ ਭੈਣ ਸਿਮਰਨਜੋਤ ਨੂੰ ਨਾਲ ਲੈ ਕੇ ਵਿਧਾਨ ਸਭਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕਰਦਿਆਂ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਜ਼ੋਰਦਾਰ ਮੰਗ ਕੀਤੀ। ਇਸ ਮੌਕੇ ਮ੍ਰਿਤਕ ਅਜੈ ਦੀ ਮਾਤਾ ਮੰਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 27 ਸਤੰਬਰ ਨੂੰ ਅਜੈ ਕੁਮਾਰ 'ਤੇ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ ਸੀ, ਜਿਸ ਦੀ ਇਲਾਜ ਦੌਰਾਨ ਲੁਧਿਆਣਾ ਦੇ ਡੀਐਮਸੀ (DMC) ਵਿਖੇ ਮੌਤ ਹੋ ਗਈ ਸੀ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਜੈ ਨੇ ਮੌਤ ਤੋਂ ਪਹਿਲਾਂ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਸਨ, ਇਸ ਦੇ ਬਾਵਜੂਦ ਪੁਲਿਸ ਵੱਲੋਂ ਕਾਤਲਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਗੱਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੁਲਿਸ ਕੋਲ ਬਿਆਨ ਦਰਜ ਹੋਣ ਦੇ ਬਾਵਜੂਦ ਹਮਲਾਵਰਾਂ ਦੀ ਗ੍ਰਿਫ਼ਤਾਰੀ ਨਾ ਹੋਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੈ, ਉਹ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਰੋਜ਼ਾਨਾ ਵਿਧਾਨ ਸਭਾ ਦੇ ਬਾਹਰ ਪਹੁੰਚਣਗੇ ਅਤੇ ਪਰਿਵਾਰ ਲਈ ਇਨਸਾਫ਼ ਦੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਪੀੜਤ ਪਰਿਵਾਰ ਦੀ ਕੋਈ ਸੁਣਵਾਈ ਨਾ ਕੀਤੀ, ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
Leave a Reply