Daily Suraj

ਪੰਜਾਬੀ

ਪੰਜ ਕਰੋੜ ਰਿਸ਼ਵਤ ਮਾਮਲਾ: ਈਡੀ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਏ ਜਾਣ ਦੇ ਚਰਚੇ

17 Oct, 2026 12:35 PM

ਪੰਜਾਬ ਵਿੱਚ ਤਬਾਦਲਿਆਂ ਅਤੇ ਹੋਰ ਮਾਮਲਿਆਂ ਨਾਲ ਜੁੜੇ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਬਹੁਚਰਚਿਤ ਮਾਮਲੇ ਵਿੱਚ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬੀ ਫ਼ਿਲਮ ਜਗਤ ਦੀ ਜਾਣੀ-ਪਛਾਣੀ ਹਸਤੀ ਅਤੇ 'ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ' ਨਾਲ ਜੁੜੇ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਚਰਚੇ ਜ਼ੋਰਾਂ ’ਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਦੀਪ ਸਿੰਘ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ, ਇਸ ਗ੍ਰਿਫ਼ਤਾਰੀ ਜਾਂ ਹਿਰਾਸਤ ਦੀ ਕਾਰਵਾਈ ਦੀ ਕਿਸੇ ਵੀ ਅਧਿਕਾਰਤ ਜਾਂਚ ਏਜੰਸੀ ਵੱਲੋਂ ਅਜੇ ਤੱਕ ਰਸਮੀ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਗਰੇਵਾਲ ਖ਼ਿਲਾਫ਼ ਪਹਿਲਾਂ ਹੀ ਲੁੱਕ-ਆਊਟ ਸਰਕੂਲਰ (LOC) ਜਾਰੀ ਕੀਤਾ ਹੋਇਆ ਸੀ, ਜਿਸ ਕਾਰਨ ਵਿਦੇਸ਼ ਤੋਂ ਪਰਤਣ ਸਮੇਂ ਉਨ੍ਹਾਂ ਨੂੰ ਹਵਾਈ ਅੱਡੇ ’ਤੇ ਰੋਕਿਆ ਗਿਆ ਅਤੇ ਪੁੱਛਗਿੱਛ ਲਈ ਈਡੀ ਦੇ ਦਫ਼ਤਰ ਲਿਜਾਇਆ ਗਿਆ। ਦੱਸਣਯੋਗ ਹੈ ਕਿ ਜਿਸ ਮਾਮਲੇ ਵਿੱਚ ਅਮਰਦੀਪ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਪਹਿਲਾਂ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ।ਇਹ ਸਾਰਾ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਅਤੇ ਪ੍ਰਸ਼ਾਸਕੀ ਨੀਤੀਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਦੁਆਲੇ ਘੁੰਮਦਾ ਹੈ। ਈਡੀ ਵੱਲੋਂ ਇਸ ਮਾਮਲੇ ਦੇ ਵੱਖ-ਵੱਖ ਪਹਿਲੂਆਂ ਅਤੇ ਵਿੱਤੀ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਗਰੇਵਾਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ।

Latest News