Daily Suraj

ਪੰਜਾਬੀ

ਇਤਰਾਜ਼ਯੋਗ ਵੀਡੀਓ ਮਾਮਲੇ 'ਚ CM ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ

15 Jun, 2026 05:48 PM

ਬੇਅਦਬੀ ਐਕਟ ਨਾਲ ਜੁੜੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਅਹਿਮ ਫ਼ੈਸਲਾ ਸੁਣਾਇਆ ਗਿਆ ਹੈ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇਸ ਮਾਮਲੇ 'ਤੇ ਵਿਚਾਰ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਫ਼ੈਸਲੇ ਦਾ ਐਲਾਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 29 ਜੂਨ ਨੂੰ ਪੰਜਾਬ ਸਰਕਾਰ ਦੀ ਸਮੁੱਚੀ ਕੈਬਨਿਟ ਅਤੇ ਸਾਰੇ ਸਿੱਖ ਵਿਧਾਇਕਾਂ ਨੂੰ, ਭਾਵੇਂ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਤ ਹੋਣ, ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਹ ਫ਼ੈਸਲਾ ਪੰਜ ਸਿੰਘ ਸਾਹਿਬਾਨ ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ 'ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸਿੱਖ ਵਿਧਾਇਕਾਂ ਅਤੇ ਪੰਜਾਬ ਮੰਤਰੀ ਮੰਡਲ ਨੂੰ ਨਿਰਧਾਰਤ ਮਿਤੀ 'ਤੇ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਤਰਾਜ਼ਯੋਗ ਵੀਡੀਓ ਮਾਮਲੇ 'ਤੇ ਮੁੱਖ ਮੰਤਰੀ ਬਾਰੇ ਟਿੱਪਣੀ ਫ਼ੈਸਲਾ ਸੁਣਾਉਂਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੇ ਇਤਰਾਜ਼ਯੋਗ ਵੀਡੀਓ ਮਾਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤਾ। ਜਥੇਦਾਰ ਨੇ ਕਿਹਾ ਕਿ ਇਸ ਵੀਡੀਓ ਦੀ ਜਾਂਚ ਭਾਰਤ ਦੀਆਂ ਦੋ ਮਾਨਤਾ ਪ੍ਰਾਪਤ ਵੱਡੀਆਂ ਲੈਬੋਰਟਰੀਆਂ ਤੋਂ ਕਰਵਾਈ ਗਈ ਹੈ। ਉਨ੍ਹਾਂ ਦੇ ਅਨੁਸਾਰ ਜਾਂਚ ਦੌਰਾਨ ਵੀਡੀਓ ਨੂੰ ਸਹੀ ਪਾਇਆ ਗਿਆ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਛੇੜਛਾੜ ਨਹੀਂ ਹੋਈ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਮੁਤਾਬਕ ਇਹ ਵੀਡੀਓ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਤਿਆਰ ਨਹੀਂ ਕੀਤੀ ਗਈ। ਗੁਰੂ ਸਾਹਿਬ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਸਬੰਧੀ ਟਿੱਪਣੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਪ੍ਰਚੱਲਤ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਕੀਤੀਆਂ ਗਈਆਂ ਇਤਰਾਜ਼ਯੋਗ ਹਰਕਤਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਹੀ ਇਹ ਫ਼ੈਸਲੇ ਕੀਤੇ ਗਏ ਹਨ। ਗੁਰਦੁਆਰਿਆਂ ਦੀਆਂ ਗੋਲਕਾਂ ਸਬੰਧੀ ਬਿਆਨ ਦਾ ਵੀ ਲਿਆ ਨੋਟਿਸ ਜਥੇਦਾਰ ਨੇ ਮੁੱਖ ਮੰਤਰੀ ਵੱਲੋਂ ਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਦਿੱਤੇ ਗਏ ਇੱਕ ਬਿਆਨ ਦਾ ਵੀ ਸਖ਼ਤ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਨੂੰ ਕਿਸੇ ਵੀ ਗੁਰਦੁਆਰੇ ਵਿੱਚੋਂ ਗੋਲਕ ਚੁੱਕ ਕੇ ਦਿਖਾਉਣ ਦੀ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਦੇ ਬਿਆਨ ਅਨੁਸਾਰ ਧਾਰਮਿਕ ਸੰਸਥਾਵਾਂ ਨਾਲ ਜੁੜੇ ਅਜਿਹੇ ਮਾਮਲਿਆਂ ਨੂੰ ਬਹੁਤ ਗੰਭੀਰਤਾ ਨਾਲ ਦੇਖਿਆ ਜਾਣਾ ਚਾਹੀਦਾ ਹੈ ਅਤੇ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਣਾ ਲਾਜ਼ਮੀ ਹੈ। ਵਿਦੇਸ਼ਾਂ ਨਾਲ ਸਬੰਧਤ ਦੋ ਮਾਮਲਿਆਂ 'ਤੇ ਵੀ ਹੋਈ ਕਾਰਵਾਈ ਇਸ ਤੋਂ ਇਲਾਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਣਕਾਰੀ ਦਿੱਤੀ ਕਿ ਵਿਦੇਸ਼ਾਂ ਨਾਲ ਸਬੰਧਤ ਦੋ ਵੱਖ-ਵੱਖ ਮਾਮਲਿਆਂ ਵਿੱਚ ਵੀ ਫ਼ੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਅਮਰੀਕਾ ਅਤੇ ਕੈਨੇਡਾ ਦੇ ਕੁਝ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਉਨ੍ਹਾਂ ਨੇ ਇਸ ਕਾਰਵਾਈ ਦੇ ਵਿਸਥਾਰ ਬਾਰੇ ਹੋਰ ਜਾਣਕਾਰੀ ਨਹੀਂ ਦਿੱਤੀ, ਪਰ ਕਿਹਾ ਕਿ ਸੰਬੰਧਤ ਮਾਮਲਿਆਂ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਲੋੜੀਂਦੇ ਫ਼ੈਸਲੇ ਕੀਤੇ ਗਏ ਹਨ।

Posted By: Daily Suraj Bureau

Latest News