Daily Suraj

ਪੰਜਾਬੀ

ਪੇਪਰ ਲੀਕ ਮਾਮਲੇ 'ਤੇ ਕਾਂਗਰਸੀ ਵਿਧਾਇਕਾਂ ਦਾ ਪ੍ਰਦਰਸ਼ਨ, ਵਿਧਾਨ ਸਭਾ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

03 Aug, 2026 11:14 AM

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਨੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਪੇਪਰ ਲੀਕ ਦੇ ਮਾਮਲਿਆਂ ਵਿੱਚ ਸੂਬਾ ਸਰਕਾਰ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਧਰਨੇ ਵਿੱਚ ਸ਼ਾਮਲ ਹੋ ਕੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ, ਪਰ ਪੰਜਾਬ ਵਿੱਚ ਸਾਹਮਣੇ ਆਏ ਪੇਪਰ ਲੀਕ ਮਾਮਲਿਆਂ 'ਤੇ ਉਨ੍ਹਾਂ ਨੇ ਚੁੱਪੀ ਧਾਰ ਰੱਖੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸੂਬੇ ਵਿੱਚ ਵਾਪਰੀਆਂ ਇਨ੍ਹਾਂ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦਿਆਂ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਨੂੰ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਰੇ ਵਿਧਾਇਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਗੁਰੂ ਦੋਖੀ ਕਰਾਰ ਦਿੱਤੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਮੱਥੇ ਨਾ ਲੱਗਣ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਵੱਲੋਂ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ। ਪੇਪਰ ਲੀਕ ਦਾ ਮੁੱਦਾ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੀ ਸਿਆਸੀ ਟਕਰਾਅ ਦਾ ਕੇਂਦਰ ਬਣਿਆ ਰਿਹਾ ਅਤੇ ਇਸ ਨੂੰ ਲੈ ਕੇ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਸਿਆਸੀ ਬਿਆਨਬਾਜ਼ੀ ਦੇਖਣ ਨੂੰ ਮਿਲੀ।

Posted By: Daily Suraj Bureau

Latest News