ਹੀਰਾ ਸਿੰਘ ਦੇ ਲਾਪਤਾ ਹੋਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਪਹੁੰਚਿਆ
ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਛਾਣ ਅੰਮ੍ਰਿਤਸਰ ਜ਼ਿਲ੍ਹੇ ਦੇ ਹੀਰਾ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਆਪਣੇ ਪਰਿਵਾਰ ਨਾਲ ਸੰਪਰਕ ਵਿੱਚ ਨਹੀਂ ਹੈ। ਜਾਣਕਾਰੀ ਮੁਤਾਬਕ, ਹੀਰਾ ਸਿੰਘ ਉੱਚ ਸਿੱਖਿਆ ਲਈ ਮਾਸਕੋ ਗਿਆ ਸੀ। ਪਰਿਵਾਰ ਨੇ ਦੱਸਿਆ ਕਿ ਸਤੰਬਰ 2025 ਵਿੱਚ ਉਸ ਨਾਲ ਆਖਰੀ ਵਾਰ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਉਸਦਾ ਕੋਈ ਵੀ ਸੁਰਾਗ ਨਹੀਂ ਮਿਲਿਆ। ਹੀਰਾ ਸਿੰਘ ਦੀ ਪਤਨੀ ਨਵਦੀਪ ਕੌਰ ਨੇ ਸੁਲਤਾਨਪੁਰ ਲੋਧੀ ਵਿਖੇ ਨਿਰਮਲ ਕੁਟੀਆ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਆਪਣੇ ਪਤੀ ਦਾ ਪਤਾ ਲਗਾਉਣ ਲਈ ਮਦਦ ਦੀ ਅਪੀਲ ਕੀਤੀ ਹੈ। ਇਸ ਮਾਮਲੇ ਨੂੰ ਸੰਤ ਸੀਚੇਵਾਲ ਵੱਲੋਂ ਕੇਂਦਰੀ ਵਿਦੇਸ਼ ਮੰਤਰੀ ਕੋਲ ਵੀ ਉਠਾਇਆ ਗਿਆ ਹੈ। ਨਵਦੀਪ ਕੌਰ ਦੇ ਅਨੁਸਾਰ, ਹੀਰਾ ਸਿੰਘ ਅਕਤੂਬਰ 2024 ਵਿੱਚ ਉੱਚ ਸਿੱਖਿਆ ਹਾਸਲ ਕਰਨ ਲਈ ਮਾਸਕੋ ਗਿਆ ਸੀ। ਪਰਿਵਾਰ ਨੇ ਉਸ ਨੂੰ ਵਿਦੇਸ਼ ਭੇਜਣ ਲਈ ਲਗਭਗ 14 ਲੱਖ ਰੁਪਏ ਖਰਚ ਕੀਤੇ ਸਨ। ਬਾਅਦ ਵਿੱਚ ਅਗਸਤ 2025 ਵਿੱਚ ਉਸਨੂੰ ਰੂਸੀ ਫੌਜ ਵਿੱਚ ਭਰਤੀ ਕਰ ਲਿਆ ਗਿਆ। ਪਰਿਵਾਰ ਦਾ ਦਾਅਵਾ ਹੈ ਕਿ ਹੀਰਾ ਸਿੰਘ ਨੂੰ ਸਿਰਫ਼ 15 ਦਿਨਾਂ ਦੀ ਫੌਜੀ ਸਿਖਲਾਈ ਦਿੱਤੀ ਗਈ ਅਤੇ ਇਸ ਤੋਂ ਬਾਅਦ ਉਸ ਨੂੰ ਜੰਗੀ ਖੇਤਰ ਵਿੱਚ ਭੇਜ ਦਿੱਤਾ ਗਿਆ। ਉਸ ਸਮੇਂ ਤੋਂ ਹੀ ਉਸਦਾ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।
Posted By: Daily Suraj Bureau