Daily Suraj

ਪੰਜਾਬੀ

ਮਾਨਸੂਨ ਤੋਂ ਪਹਿਲਾਂ ਹੜ੍ਹ ਸੁਰੱਖਿਆ ਮਜ਼ਬੂਤ ਕਰਨ ਲਈ ਸਰਕਾਰ ਸਰਗਰਮ: ਬਰਿੰਦਰ ਗੋਇਲ

28 Apr, 2026 08:28 PM

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚੱਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਅਜਨਾਲਾ ਹਲਕੇ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਸਮੇਤ ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਜਾਣਕਾਰੀ ਅਨੁਸਾਰ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ। ਇਸ ਤੋਂ ਬਾਅਦ ਜਲ ਸਰੋਤ ਵਿਭਾਗ ਵੱਲੋਂ ਇਸ ਪਾੜ ਨੂੰ ਭਰਨ ਦੇ ਨਾਲ ਨਾਲ ਪੱਥਰ ਲਗਾ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਕੰਮ ਲਈ ਲਗਭਗ 4 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਪੂਰੀ ਤਰ੍ਹਾਂ ਤਤਪਰ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ‘ਤੇ ਕੁੱਲ 600 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਸਾਲ ਦੇ ਹੜ੍ਹਾਂ ਤੋਂ ਬਾਅਦ ਚਾਰ ਦਰਿਆਵਾਂ ‘ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੇ 132 ਨਾਜ਼ੁਕ ਥਾਵਾਂ ਦੀ ਪਹਿਚਾਣ ਕੀਤੀ। ਇਨ੍ਹਾਂ ਸਥਾਨਾਂ ‘ਤੇ ਹੜ੍ਹ ਰੋਕੂ ਕੰਮ ਜਾਰੀ ਹਨ, ਜਿਨ੍ਹਾਂ ਵਿੱਚੋਂ ਕਈ ਮੁਕੰਮਲ ਹੋ ਚੁੱਕੇ ਹਨ, ਜਦਕਿ ਬਾਕੀ ਸਾਰੇ ਕੰਮ 30 ਜੂਨ 2026 ਤੱਕ ਪੂਰੇ ਕਰਨ ਦਾ ਲਕਸ਼ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਿਛਲੇ ਸਾਲ 23 ਥਾਵਾਂ ‘ਤੇ ਪਾੜ ਪਏ ਸਨ, ਜਿਨ੍ਹਾਂ ਨੂੰ ਹੁਣ ਪੂਰਾ ਕਰਕੇ ਪੱਥਰਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦਰਿਆ ਵਿੱਚ ਡੀ-ਸਿਲਟਿੰਗ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਅਤੇ ਮਨਸੂਨ ਤੋਂ ਪਹਿਲਾਂ ਇਸ ਨੂੰ ਮੁਕੰਮਲ ਕਰਨ ਦੀ ਯੋਜਨਾ ਹੈ। ਸ਼ੱਕੀ ਨਾਲੇ ਅਤੇ ਹੋਰ ਬਰਸਾਤੀ ਨਾਲਿਆਂ ਦੀ ਸਫਾਈ ਵੀ ਲਗਾਤਾਰ ਕੀਤੀ ਜਾ ਰਹੀ ਹੈ। ਸ੍ਰੀ ਗੋਇਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਫਿਨਲੈਂਡ ਤੋਂ ਆਧੁਨਿਕ ਐਂਫੀਬੀਅਸ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ। ਇਹ ਮਸ਼ੀਨਾਂ ਪਾਣੀ ਅਤੇ ਧਰਤੀ ਦੋਵਾਂ ‘ਤੇ ਕੰਮ ਕਰਨ ਦੇ ਯੋਗ ਹਨ ਅਤੇ ਡੂੰਘੀ ਸਫਾਈ ਕਰ ਸਕਦੀਆਂ ਹਨ, ਜਿਸ ਨਾਲ ਐਮਰਜੈਂਸੀ ਹਾਲਾਤਾਂ ਵਿੱਚ ਵੀ ਕਾਰਗਰ ਸਹਾਇਤਾ ਮਿਲੇਗੀ। ਇਸ ਮੌਕੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹ ਰੋਕੂ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਅਜਨਾਲਾ ਹਲਕੇ ਦੇ ਕਈ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਸਨ ਅਤੇ ਸਰਕਾਰ ਵੱਲੋਂ ਪੀੜਤਾਂ ਦੀ ਪੂਰੀ ਸਹਾਇਤਾ ਕੀਤੀ ਗਈ ਸੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਵਾਰ ਮਾਨਸੂਨ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਕੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਯਕੀਨੀ ਬਣਾਈ ਜਾਵੇਗੀ।

Posted By: Daily Suraj Bureau

Latest News