ਰੱਖੜ ਪੁੰਨਿਆ ਮੌਕੇ CM ਮਾਨ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ, ਅਕਾਲੀ ਦਲ ਨੂੰ ਘੇਰਿਆ

ਰੱਖੜ ਪੁੰਨਿਆ ਮੌਕੇ CM ਮਾਨ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ, ਅਕਾਲੀ ਦਲ ਨੂੰ ਘੇਰਿਆ

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਮੇਤ ਵਿਰੋਧੀ ਪਾਰਟੀਆਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਅਕਾਲੀ ਦਲ ਸੱਤਾ ਵਿੱਚ ਮੁੜ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਲੁੱਟਣ ਲਈ ਭਾਜਪਾ ਨਾਲ ਗੱਠਜੋੜ ਕਰਨ ਵਾਸਤੇ ਬੇਤਾਬ ਹੈ। ਅਨਾਜ ਮੰਡੀ ਰਈਆ ਵਿੱਚ ਹੋਈ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਅਤੇ ਬਰਬਾਦ ਕਰਨ ਲਈ ਭਾਜਪਾ-ਅਕਾਲੀ ਗੱਠਜੋੜ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਵਿਰੋਧੀ ਪਾਰਟੀਆਂ ਨੂੰ ਮੁੜ ਸਿਆਸੀ ਤੌਰ ’ਤੇ ਬਾਹਰ ਦਾ ਰਸਤਾ ਦਿਖਾਉਣਗੇ। ਮੁੱਖ ਮੰਤਰੀ ਨੇ ਸਾਲ 2015 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਹੋਈ ਗੋਲੀਬਾਰੀ ਦਾ ਜ਼ਿਕਰ ਕਰਦਿਆਂ ਵੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਸੱਤਾ ਹਾਸਲ ਕਰਨ ਦੇ ਮਕਸਦ ਨਾਲ ਅਕਾਲੀ ਦਲ ਭਾਜਪਾ ਲੀਡਰਸ਼ਿਪ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮਾਨ ਨੇ ਕਿਹਾ ਕਿ ਬਾਬਾ ਬਕਾਲਾ ਦੀ ਪਵਿੱਤਰ ਧਰਤੀ ਦਾ ਸਬੰਧ ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਅਤੇ ‘ਸਾਚਾ ਗੁਰੂ ਲਾਧੋ ਰੇ’ ਦੇ ਸੰਦੇਸ਼ ਨਾਲ ਹੈ। ਉਨ੍ਹਾਂ ਰੱਖੜ ਪੁੰਨਿਆ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ’ਤੇ ਵੀ ਸ਼ਬਦੀ ਹਮਲਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਹੁਣ ਆਖ਼ਰੀ ਸਾਹਾਂ ’ਤੇ ਹੈ ਅਤੇ ਜਲਦ ਹੀ ਸਿਆਸੀ ਅਖਾੜੇ ਵਿੱਚ ਆਪਣਾ ਸਭ ਕੁਝ ਗੁਆ ਚੁੱਕੀ ਹੋਵੇਗੀ। ਮਾਨ ਨੇ ਕਿਹਾ ਕਿ ਕਾਂਗਰਸ ਕੋਲ ਪੰਜਾਬ ਦੇ ਲੋਕਾਂ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਪਾਰਟੀ ਅੰਦਰੂਨੀ ਫੁੱਟ ਦਾ ਸ਼ਿਕਾਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਪਸੀ ਲੜਾਈ ਕਾਰਨ ਹੀ ਪਾਰਟੀ ਢਹਿ-ਢੇਰੀ ਹੋ ਜਾਵੇਗੀ। ਸਰਕਾਰ ਦੀਆਂ ਪ੍ਰਾਪਤੀਆਂ ਦਾ ਕੀਤਾ ਜ਼ਿਕਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇਸ ਤੋਂ ਇਲਾਵਾ 69,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਅਤੇ ਸਿਰਫ਼ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਾਨ ਨੇ ਕਿਹਾ ਕਿ ਸੂਬੇ ਵਿੱਚ ਸੜਕੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੇ ਪੈਸੇ ਦੀ ਬੱਚਤ ਯਕੀਨੀ ਬਣਾਈ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸੰਭਾਲ ਨਾਲ ਸਬੰਧਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦਾ ਵੀ ਜ਼ਿਕਰ ਕੀਤਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾਣ ਦਾ ਵੀ ਮੁੱਖ ਮੰਤਰੀ ਨੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲਗਪਗ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਦਾ ਕੰਮ ਕੀਤਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਆਪਣੀ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਵਜੋਂ ਪੇਸ਼ ਕੀਤਾ।