ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਖ਼ਿਲਾਫ਼ ਕੂੜ ਪ੍ਰਚਾਰ ਕਰ ਰਿਹੈ 'ਆਪ' ਦਾ ਆਈ.ਟੀ. ਸੈੱਲ: ਐੱਚ.ਐੱਸ. ਵਾਲੀਆ ਹਲਕਾ ਇੰਚਾਰਜ ਕਪੂਰਥਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਸਾਧੇ ਤਿੱਖੇ ਨਿਸ਼ਾਨੇ
(ਇੰਦਰਜੀਤ): ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਹਲਕਾ ਇੰਚਾਰਜ ਐੱਚ.ਐੱਸ. ਵਾਲੀਆ ਵੱਲੋਂ ਅੱਜ ਇੱਥੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੀਆਂ ਨੀਤੀਆਂ ਅਤੇ ਆਗੂਆਂ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਵਾਲੀਆ ਨੇ ਕਿਹਾ ਕਿ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਥ ਅਤੇ ਪੰਜਾਬ ਦੇ ਹਿੱਤ ਵਿੱਚ ਦਿੱਤਾ ਗਿਆ ਫ਼ੈਸਲਾ ਪੂਰੀ ਤਰ੍ਹਾਂ ਸਹੀ ਅਤੇ ਸ਼ਲਾਘਾਯੋਗ ਹੈ, ਪਰ ਸੱਤਾਧਾਰੀ ਧਿਰ ਇਸ ਨੂੰ ਹਜ਼ਮ ਨਹੀਂ ਕਰ ਪਾ ਰਹੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਐੱਚ.ਐੱਸ. ਵਾਲੀਆ ਨੇ ਕਥਿਤ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਈ.ਟੀ. ਸੈੱਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਇਤਿਹਾਸਕ ਫ਼ੈਸਲੇ ਨੂੰ ਝੂਠਾ ਸਾਬਤ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕਰਕੇ ਸਿੱਖ ਸੰਸਥਾਵਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਅਤੇ ਨਾਨਕ ਨਾਮ ਲੇਵਾ ਸੰਗਤ ਕਦੇ ਬਰਦਾਸ਼ਤ ਨਹੀਂ ਕਰੇਗੀ।ਉਨ੍ਹਾਂ 'ਆਪ' ਦੇ ਸਥਾਨਕ ਅਤੇ ਸੂਬਾ ਪੱਧਰੀ ਆਗੂਆਂ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ ਅਤੇ ਹੁਣ ਧਾਰਮਿਕ ਮੁੱਦਿਆਂ 'ਤੇ ਸਿਆਸਤ ਚਮਕਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀਆਂ ਪੰਥ ਵਿਰੋਧੀ ਚਾਲਾਂ ਚੱਲਣ ਵਾਲੇ ਆਗੂਆਂ ਨੂੰ ਜਨਤਾ ਆਉਂਦੀਆਂ ਚੋਣਾਂ ਵਿੱਚ ਕਰਾਰਾ ਜਵਾਬ ਦੇਵੇਗੀ।
Posted By: Daily Suraj Bureau