ਸਿੱਖਿਆ ਸੁਧਾਰ ਵੱਲ ਇਕ ਹੋਰ ਕਦਮ, ਅਧਿਆਪਕਾਂ ਦਾ ਨਵਾਂ ਬੈਚ ਟ੍ਰੇਨਿੰਗ ਲਈ ਫਿਨਲੈਂਡ ਜਾਵੇਗਾ
ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ 72 ਅਧਿਆਪਕਾਂ ਦੇ ਇਕ ਨਵੇਂ ਬੈਚ ਨੂੰ ਵਿਸ਼ੇਸ਼ ਸਿਖਲਾਈ ਲਈ Finland ਰਵਾਨਾ ਕਰਨਗੇ। ਇਹ ਅਧਿਆਪਕ ਫਿਨਲੈਂਡ ਦੇ ਪ੍ਰਸਿੱਧ ਸਿੱਖਿਆ ਮਾਡਲ ਅਤੇ ਆਧੁਨਿਕ ਪੜ੍ਹਾਈ ਤਰੀਕਿਆਂ ਬਾਰੇ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨਗੇ। ਪੰਜਾਬ ਸਰਕਾਰ ਦੇ ਅਨੁਸਾਰ ਇਸ ਪਹਿਲ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਵਿਦਿਆਰਥੀ-ਕੇਂਦਰਿਤ ਪੜ੍ਹਾਈ ਨੂੰ ਉਤਸ਼ਾਹਿਤ ਕਰਨਾ ਹੈ। ਸਰਕਾਰ ਦਾ ਮੰਨਣਾ ਹੈ ਕਿ ਵਿਦੇਸ਼ੀ ਸਿੱਖਿਆ ਮਾਡਲਾਂ ਤੋਂ ਪ੍ਰਾਪਤ ਤਜਰਬਾ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਧਿਆਪਕਾਂ ਨਾਲ ਗੱਲਬਾਤ ਵੀ ਕਰਨਗੇ ਅਤੇ ਉਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਲਈ ਸ਼ੁਭਕਾਮਨਾਵਾਂ ਦੇਣਗੇ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਜਾਬ ਦੇ ਅਧਿਆਪਕਾਂ ਨੂੰ ਵਿਦੇਸ਼ ਵਿੱਚ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਅਧਿਆਪਕਾਂ ਦੇ ਬੈਚਾਂ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਚੁੱਕਾ ਹੈ। ਉੱਥੋਂ ਵਾਪਸ ਆਏ ਅਧਿਆਪਕਾਂ ਨੇ ਨਵੇਂ ਤਜਰਬੇ ਅਤੇ ਆਧੁਨਿਕ ਪੜ੍ਹਾਈ ਤਰੀਕਿਆਂ ਨੂੰ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮਾਂ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਮਿਆਰਾਂ ਅਨੁਸਾਰ ਤਿਆਰ ਕੀਤਾ ਜਾ ਸਕੇਗਾ।
Posted By: Daily Suraj Bureau