ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਦੇ ਸੌਦੇ ਵਿਵਾਦਾਂ ‘ਚ, ਉੱਚ ਪੱਧਰੀ ਜਾਂਚ ਦੀ ਉਠੀ ਮੰਗ
ਤਿੰੰਨ ਮਾਰਚ ਨੂੰ ਹੋਲੇ ਮਹੱਲੇ ’ਤੇ ਪੰਥਕ ਕਾਨਫਰੰਸ ਕਰੇਗਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਵੇਚਣ ਦੇ ਰੁਝਾਨ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੰਗ ਕੀਤੀ ਹੈ ਕਿ 1999 ਤੋਂ ਲੈ ਕੇ ਹੁਣ ਤੱਕ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ। ਉਹ ਅੱਜ ਇਥੇ ਪਾਰਟੀ ਦੀ ਵਰਕਿੰਗ ਕਮੇਟੀ ਮੈਂਬਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਮੀਟਿੰਗ ਵਾਸਤੇ ਪੁੱਜੇ ਸਨ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਉਹਨਾਂ ਆਖਿਆ ਕਿ ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਜ਼ਮੀਨਾਂ ਸਸਤੇ ਭਾਅ ਵੇਚਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤਾਂ ਇਸ ਵਿੱਚ ਇੱਕ ਵੱਡਾ ਘਪਲਾ ਸਾਹਮਣੇ ਆਵੇਗਾ। ਉਹਨਾਂ ਇਸ ਮਾਮਲੇ ਵਿੱਚ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ, ਗੁਰਦੁਆਰਾ ਭੱਠਾ ਸਾਹਿਬ ਦੀ ਜ਼ਮੀਨ ਤੇ ਹੋਰ ਗੁਰਦੁਆਰਿਆਂ ਨਾਲ ਸਬੰਧਿਤ ਜ਼ਮੀਨਾਂ ਦੇ ਹਵਾਲੇ ਦਿੱਤੇ ਜਿਨ੍ਹਾਂ ਨੂੰ ਸਸਤੇ ਭਾਅ ਵੇਚਿਆ ਗਿਆ ਹੈ। ਉਹਨਾਂ ਦੋਸ਼ ਲਾਇਆ ਕਿ ਗੁਰਦੁਆਰਿਆਂ ਦੀਆਂ ਜ਼ਮੀਨਾਂ ਨੂੰ ਆਪਣੇ ਹੀ ਬੰਦਿਆਂ ਨੂੰ ਸਸਤੇ ਭਾਅ ਵੇਚ ਦਿੱਤਾ ਜਾਂਦਾ ਹੈ ਅਤੇ ਮੁੜ ਮਹਿੰਗੇ ਭਾਅ ’ਤੇ ਖਰੀਦਿਆ ਜਾਂਦਾ ਹੈ। ਅਜਿਹਾ ਇੱਕ ਮਾਮਲਾ ਸਾਬਕਾ ਜਥੇਦਾਰ ਵੱਲੋਂ ਵੀ ਸਾਹਮਣੇ ਲਿਆਂਦਾ ਗਿਆ ਸੀ। ਉਹਨਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਵੇਚਣ ਦੇ ਮਾਮਲੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਦਾ ਹੱਥ ਹੈ। ਜੋ ਇਸ ਰਾਹੀਂ ਆਉਣ ਵਾਲੀਆਂ ਚੋਣਾਂ ਲਈ ਫੰਡ ਇਕੱਠਾ ਕਰ ਰਹੇ ਹਨ। ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਹੋਲੇ ਮਹੱਲੇ ਮੌਕੇ ਤਿੰਨ ਮਾਰਚ ਨੂੰ ਆਨੰਦਪੁਰ ਸਾਹਿਬ ਵਿੱਚ ਪੰਥਕ ਕਾਨਫਰੰਸ ਕੀਤੀ ਜਾਵੇਗੀ। ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਤਰਾਯੋਗ ਵੀਡੀਓ ਬਾਰੇ ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਸਰਕਾਰ ਨੂੰ ਸਖਤ ਨਿਯਮ ਬਣਾਉਣੇ ਚਾਹੀਦੇ ਹਨ ਜੋ ਹੁਣ ਤੱਕ ਬਣਾਏ ਨਹੀਂ ਗਏ ਹਨ। ਉਨ੍ਹਾਂ ਨੇ ਆਪ ਸਰਕਾਰ ਵੱਲੋਂ ਬੀਤੇ ਦਿਨ ਕੀਤੀ ਗਈ ਸਿਆਸੀ ਰੈਲੀ ’ਤੇ ਵੀ ਕਿੰਤੂ ਪ੍ਰੰਤੂ ਕੀਤਾ ਜਿਸ ਵਿੱਚ ਕਈ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀ ਵੀ ਸ਼ਾਮਿਲ ਹੋਏ ਸਨ। ਇਸ ਮੌਕੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ, ਕਰਨੈਲ ਸਿੰਘ ਪੀਰ ਮੁਹੰਮਦ, ਜਗਜੀਤ ਸਿੰਘ ਕੋਹਲੀ ਤੇ ਹੋਰ ਸ਼ਾਮਿਲ ਸਨ।
Posted By: Daily Suraj Bureau