ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ, 1013 ਲੈਕਚਰਾਰ ਅਸਾਮੀਆਂ ਲਈ ਉਮਰ ਸੀਮਾ ਵਿੱਚ ਛੋਟ

ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ, 1013 ਲੈਕਚਰਾਰ ਅਸਾਮੀਆਂ ਲਈ ਉਮਰ ਸੀਮਾ ਵਿੱਚ ਛੋਟ

ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਬਨਿਟ ਨੇ ਫੈਸਲਾ ਕੀਤਾ ਹੈ ਕਿ 20, 21 ਅਤੇ 22 ਜੂਨ ਨੂੰ ਹੋਣ ਵਾਲੀ NEET ਦੀ ਮੁੜ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਇੱਕ ਅਟੈਂਡੈਂਟ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ। ਇਸ ਪ੍ਰੀਖਿਆ ਵਿੱਚ ਪੰਜਾਬ ਦੇ ਲਗਭਗ 28 ਹਜ਼ਾਰ ਵਿਦਿਆਰਥੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸਰਕਾਰ ਦੇ ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੇਗੀ। ਅਟੈਂਡੈਂਟ ਵਜੋਂ ਵਿਦਿਆਰਥੀ ਦੇ ਨਾਲ ਉਸਦੇ ਮਾਤਾ-ਪਿਤਾ ਜਾਂ ਕੋਈ ਹੋਰ ਰਿਸ਼ਤੇਦਾਰ ਯਾਤਰਾ ਕਰ ਸਕੇਗਾ। ਇਸ ਤੋਂ ਇਲਾਵਾ ਕੈਬਨਿਟ ਨੇ 1013 ਲੈਕਚਰਾਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਇੱਕ ਵਾਰ ਲਈ ਉਮਰ ਸੀਮਾ ਵਿੱਚ ਪੰਜ ਸਾਲ ਦੀ ਛੋਟ ਦੇਣ ਦਾ ਫੈਸਲਾ ਵੀ ਮਨਜ਼ੂਰ ਕੀਤਾ ਹੈ। ਇਸ ਕਦਮ ਨਾਲ ਕਈ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਦੱਸਿਆ ਕਿ ਲੋਕ ਨਿਰਮਾਣ ਵਿਭਾਗ (PWD) ਵਿੱਚ 156 ਜੂਨੀਅਰ ਇੰਜੀਨੀਅਰਾਂ (JE) ਦੀ ਸਿੱਧੀ ਭਰਤੀ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਖਾਲੀ ਅਸਾਮੀਆਂ ਨੂੰ ਭਰਨ ਵਿੱਚ ਮਦਦ ਮਿਲੇਗੀ। ਕੈਬਨਿਟ ਦੇ ਇਨ੍ਹਾਂ ਫੈਸਲਿਆਂ ਨੂੰ ਵਿਦਿਆਰਥੀਆਂ, ਨੌਜਵਾਨਾਂ ਅਤੇ ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਉਮੀਦਵਾਰਾਂ ਲਈ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।