ਆਰਮੀ ਪਬਲਿਕ ਸਕੂਲਾਂ ’ਚ ਮੁੜ ਪਹਿਲਾਂ ਵਾਂਗ ਪੜ੍ਹਾਈ ਜਾਵੇਗੀ ਪੰਜਾਬੀ
ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਪਹਿਲਾਂ ਵਾਂਗ ਜਾਰੀ ਰਹੇਗੀ। ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ, ਜਲੰਧਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਸਕੂਲਾਂ ਵਿੱਚ ਸੰਸਕ੍ਰਿਤ ਭਾਸ਼ਾ ਲਾਜ਼ਮੀ ਤੌਰ ’ਤੇ ਪੜ੍ਹਾਉਣ ਸਬੰਧੀ ਲਿਆ ਗਿਆ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ। ਇਸ ਦੀ ਥਾਂ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਪਹਿਲਾਂ ਵਾਂਗ ਪੜ੍ਹਨ ਦੀ ਇਜਾਜ਼ਤ ਦਿੱਤੀ ਗਈ ਹੈ। ਨਵੇਂ ਨਿਯਮਾਂ ਮੁਤਾਬਕ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ ਅੰਗਰੇਜ਼ੀ ਅਤੇ ਹਿੰਦੀ ਦੇ ਨਾਲ ਸੰਸਕ੍ਰਿਤ ਜਾਂ ਪੰਜਾਬੀ ਵਿੱਚੋਂ ਕਿਸੇ ਇੱਕ ਭਾਸ਼ਾ ਦੀ ਚੋਣ ਕਰ ਸਕਣਗੇ। ਨੌਵੀਂ ਜਮਾਤ ਦੇ ਵਿਦਿਆਰਥੀ ਅੰਗਰੇਜ਼ੀ, ਹਿੰਦੀ ਅਤੇ ਸੰਸਕ੍ਰਿਤ ਪੜ੍ਹਨਗੇ, ਜਦਕਿ ਦਸਵੀਂ ਜਮਾਤ ਦਾ ਪੈਟਰਨ ਪਹਿਲਾਂ ਵਾਂਗ ਹੀ ਜਾਰੀ ਰਹੇਗਾ। ਇਸ ਫ਼ੈਸਲੇ ਦਾ ਪੰਜਾਬ ਚੇਤਨਾ ਮੰਚ ਵੱਲੋਂ ਸਵਾਗਤ ਕੀਤਾ ਗਿਆ ਹੈ। ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਜਥੇਬੰਦਕ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਇਸ ਨੂੰ ਪੰਜਾਬੀ ਭਾਸ਼ਾ ਲਈ ਅਹਿਮ ਫ਼ੈਸਲਾ ਦੱਸਿਆ। ਡਾ. ਲਖਵਿੰਦਰ ਸਿੰਘ ਜੌਹਲ ਨੇ ਪੰਜਾਬੀ ਭਾਸ਼ਾ ਦੇ ਮੁੱਦੇ ’ਤੇ ਚਿੰਤਾ ਜ਼ਾਹਰ ਕਰਦਿਆਂ ਇਸ ਸੰਘਰਸ਼ ਵਿੱਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ, ਸ਼ਖ਼ਸੀਅਤਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਰਤ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ। ਦੋਵਾਂ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਇਸ ਮਾਮਲੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ‘ਪੰਜਾਬੀ ਭਾਸ਼ਾ ਸਾਰ ਭਾਈਚਾਰਾ’ ਦੇ ਆਗੂ ਮਹਿੰਦਰ ਸਿੰਘ ਸੇਖੋਂ ਲੁਧਿਆਣਾ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਸਕੂਲ ਪ੍ਰਬੰਧਕਾਂ ਨੂੰ ਇਸ ਮਾਮਲੇ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਗਿਆ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਪਸਾਰ ਜਥੇਬੰਦੀ ਦੇ ਆਗੂ ਐਡਵੋਕੇਟ ਮਿੱਤਰ ਸੇਨ ਮੀਤ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਸ ਮਾਮਲੇ ਨਾਲ ਸਬੰਧਤ ਕਾਨੂੰਨੀ ਨੁਕਤਿਆਂ ਨੂੰ ਉਜਾਗਰ ਕੀਤਾ। ਇਸ ਮਸਲੇ ਨੂੰ ਲੈ ਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਵੀ ਕੀਤੇ ਗਏ ਸਨ। ਇਸ ਤੋਂ ਇਲਾਵਾ ਪੰਜਾਬ ਚੇਤਨਾ ਮੰਚ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਵੀ ਇਸ ਸਬੰਧੀ ਪੱਤਰ ਲਿਖੇ ਗਏ ਸਨ। ਪੰਜਾਬੀ ਭਾਸ਼ਾ ਨੂੰ ਆਰਮੀ ਪਬਲਿਕ ਸਕੂਲਾਂ ਵਿੱਚ ਪਹਿਲਾਂ ਵਾਂਗ ਪੜ੍ਹਨ ਦੀ ਮਿਲੀ ਖੁੱਲ੍ਹ ਤੋਂ ਬਾਅਦ ਪੰਜਾਬੀ ਭਾਸ਼ਾ ਨਾਲ ਜੁੜੀਆਂ ਸੰਸਥਾਵਾਂ ਅਤੇ ਇਸ ਮੁਹਿੰਮ ਨਾਲ ਜੁੜੇ ਲੋਕਾਂ ਵੱਲੋਂ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ।
Posted By: Daily Suraj Bureau