ਬਠਿੰਡਾ ਕਤਲ ਕੇਸ ‘ਚ ਤਾਜ਼ਾ ਮੋੜ: ਫਰਾਰ ਦੋਸ਼ੀ ਨੂੰ ਯੂਏਈ ਤੋਂ ਲਿਆਂਦਾ ਗਿਆ
ਕਮਲ ਕੌਰ ਭਾਬੀ ਕਤਲ ਮਾਮਲੇ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਪੰਜਾਬ ਲਿਆਂਦਾ ਗਿਆ ਹੈ। ਇਹ ਕਾਰਵਾਈ ਬਠਿੰਡਾ ਪੁਲਿਸ ਵੱਲੋਂ ਯੂਏਈ ਅਧਿਕਾਰੀਆਂ ਦੇ ਸਹਿਯੋਗ ਨਾਲ ਅੰਜਾਮ ਦਿੱਤੀ ਗਈ ਹੈ। ਪੁਲਿਸ ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਇਸ ਸਾਲ ਜਨਵਰੀ ਵਿੱਚ ਸ਼ਾਰਜਾਹ ਪੁਲਿਸ ਨੇ ਵੀਜ਼ਾ ਸੰਬੰਧੀ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ।
ਇਸ ਤੋਂ ਬਾਅਦ ਉਸ ਨੂੰ ਭਾਰਤ ਲਿਆਉਣ ਲਈ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ, ਜਿਸ ਵਿੱਚ ਕੁਝ ਸਮਾਂ ਲੱਗਣ ਕਾਰਨ ਉਸ ਨੂੰ ਪੰਜਾਬ ਲਿਆਂਦਾ ਜਾਣ ਵਿੱਚ ਦੇਰੀ ਹੋਈ। ਜ਼ਿਕਰਯੋਗ ਹੈ ਕਿ 11 ਜੂਨ 2025 ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਦੀ ਲਾਸ਼ ਮਿਲੀ ਸੀ। ਪੋਸਟਮਾਰਟਮ ਰਿਪੋਰਟ ਵਿੱਚ ਗਲਾ ਘੁੱਟ ਕੇ ਕਤਲ ਕਰਨ ਦੀ ਪੁਸ਼ਟੀ ਹੋਈ ਸੀ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਸਮੇਤ ਚਾਰ ਲੋਕਾਂ ‘ਤੇ ਦੋਸ਼ ਲਗਾਏ ਗਏ ਸਨ। ਪੁਲਿਸ ਨੇ ਇਸ ਕੇਸ ਵਿੱਚ ਪਹਿਲਾਂ ਹੀ ਤਿੰਨ ਹੋਰ ਦੋਸ਼ੀਆਂ—ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਅਤੇ ਰਣਜੀਤ ਸਿੰਘ—ਨੂੰ ਗ੍ਰਿਫਤਾਰ ਕਰ ਲਿਆ ਸੀ, ਜਦਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਤੋਂ ਬਾਅਦ ਵਿਦੇਸ਼ ਫਰਾਰ ਹੋ ਗਿਆ ਸੀ ਅਤੇ ਲੰਬੇ ਸਮੇਂ ਤੋਂ ਯੂਏਈ ਵਿੱਚ ਰਹਿ ਰਿਹਾ ਸੀ। ਜਦੋਂ ਲੰਬੇ ਸਮੇਂ ਤੱਕ ਉਸ ਦੀ ਗ੍ਰਿਫਤਾਰੀ ਨਹੀਂ ਹੋ ਸਕੀ, ਤਾਂ 7 ਫਰਵਰੀ ਨੂੰ ਬਠਿੰਡਾ ਅਦਾਲਤ ਵੱਲੋਂ ਉਸ ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇੰਟਰਪੋਲ ਦੇ ਜ਼ਰੀਏ ਰੈਡ ਕਾਰਨਰ ਨੋਟਿਸ ਜਾਰੀ ਕਰਵਾਇਆ ਸੀ। ਹੁਣ ਇਸ ਕਾਰਵਾਈ ਦੇ ਤਹਿਤ ਉਸ ਨੂੰ ਯੂਏਈ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਂਦਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਨਾਲ ਅੱਗੇ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਮਾਮਲੇ ਵਿੱਚ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।
Posted By: Daily Suraj Bureau