Daily Suraj

ਪੰਜਾਬੀ

ਗੋਇੰਦਵਾਲ ਸਾਹਿਬ 'ਚ ਦਹਿਸ਼ਤ: ਕਾਂਗਰਸੀ ਆਗੂ ਅਤੇ ਇਮੀਗ੍ਰੇਸ਼ਨ ਕਾਰੋਬਾਰੀ ਦੇ ਘਰਾਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ

16 Oct, 2026 10:05 AM

ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਆਏ ਦਿਨ ਗੈਂਗਸਟਰਾਂ ਵੱਲੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ ਕਾਰਨ ਸਥਾਨਕ ਕਾਰੋਬਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਲੜੀ ਤਹਿਤ ਬੀਤੀ ਰਾਤ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਕਸਬੇ ਵਿੱਚ ਦੋ ਵੱਖ-ਵੱਖ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਪੀੜਤ ਇਮੀਗ੍ਰੇਸ਼ਨ ਕਾਰੋਬਾਰੀ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਬਦਮਾਸ਼ਾਂ ਵੱਲੋਂ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਕਰੀਬ ਸਾਢੇ ਦਸ ਵਜੇ ਦੂਜੀ ਵਾਰ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਰਾਜਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਘਟਨਾ ਦੌਰਾਨ ਉਨ੍ਹਾਂ ਵੱਲੋਂ ਐੱਸਐੱਚਓ (SHO) ਨੂੰ ਵਾਰ-ਵਾਰ ਫੋਨ ਕੀਤੇ ਗਏ, ਪਰ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ ਗਿਆ। ਕਾਂਗਰਸੀ ਆਗੂ ਤੋਂ ਮੰਗੀ 5 ਕਰੋੜ ਰੁਪਏ ਦੀ ਫਿਰੌਤੀ ਇਸੇ ਰਾਤ ਵਾਪਰੀ ਦੂਜੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਗੁਰਮੇਜ ਸਿੰਘ ਖੱਖ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਭ ਦਾਸੂਵਾਲ ਦੇ ਨਾਂ 'ਤੇ ਵਿਦੇਸ਼ੀ ਨੰਬਰ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਗੰਭੀਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੀੜਤ ਗੁਰਮੇਜ ਸਿੰਘ ਨੇ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਲੈ ਕੇ ਸਥਾਨਕ ਪੁਲੀਸ ਪ੍ਰਸ਼ਾਸਨ ਵੱਲੋਂ ਕੋਈ ਸੰਜੀਦਗੀ ਨਹੀਂ ਦਿਖਾਈ ਜਾ ਰਹੀ। ਦੋਵਾਂ ਪੀੜਤਾਂ ਨੇ ਦਾਅਵਾ ਕੀਤਾ ਕਿ ਰਾਤ ਸਮੇਂ ਹੋਈਆਂ ਇਹ ਦੋਵੇਂ ਘਟਨਾਵਾਂ ਇੱਕੋ ਮੋਟਰਸਾਈਕਲ 'ਤੇ ਆਏ ਬਦਮਾਸ਼ਾਂ ਵੱਲੋਂ ਹੀ ਅੰਜਾਮ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਸਮਾਂ ਰਹਿੰਦਿਆਂ ਬੁਲੰਦ ਹੌਸਲੇ ਨਾਲ ਕਾਰਵਾਈ ਕਰਦੀ ਤਾਂ ਗੋਲੀਆਂ ਚਲਾਉਣ ਵਾਲਿਆਂ ਨੂੰ ਮੌਕੇ 'ਤੇ ਹੀ ਕਾਬੂ ਕੀਤਾ ਜਾ ਸਕਦਾ ਸੀ। ਪਰਿਵਾਰਾਂ ਵਿੱਚ ਖੌਫ਼, ਪੁਲੀਸ ਨੇ ਸ਼ੁਰੂ ਕੀਤੀ ਜਾਂਚ ਰਾਤ ਸਮੇਂ ਵਾਪਰੀਆਂ ਇਨ੍ਹਾਂ ਫਾਇਰਿੰਗ ਦੀਆਂ ਘਟਨਾਵਾਂ ਤੋਂ ਬਾਅਦ ਦੋਵਾਂ ਪੀੜਤਾਂ ਦੇ ਪਰਿਵਾਰ ਗਹਿਰੇ ਸਹਿਮ ਦੇ ਮਾਹੌਲ ਵਿੱਚ ਹਨ। ਪੀੜਤਾਂ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਫਿਰੌਤੀਆਂ ਮੰਗਣ ਵਾਲੇ ਅਨਸਰਾਂ 'ਤੇ ਤੁਰੰਤ ਠੱਲ੍ਹ ਪਾਈ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਪੂਰੇ ਮਾਮਲੇ ਸਬੰਧੀ ਡੀਐੱਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਥਾਵਾਂ 'ਤੇ ਹੋਈ ਫਾਇਰਿੰਗ ਸਬੰਧੀ ਪੁਲੀਸ ਵੱਲੋਂ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਮੌਕੇ 'ਤੇ ਪੁਲੀਸ ਟੀਮਾਂ ਭੇਜ ਦਿੱਤੀਆਂ ਗਈਆਂ ਹਨ ਅਤੇ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।

Latest News