ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ 'ਚ ਲਹਿੰਦੇ ਪੰਜਾਬ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ
- ਪੰਜਾਬ
- (Asia/Kolkata)
ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਲਾਨਾ ਮੈਟ੍ਰਿਕ ਪ੍ਰੀਖਿਆਵਾਂ ਵਿੱਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਸਿੱਖ ਵਿਦਿਆਰਥੀ ਉਂਕਾਰ ਸਿੰਘ ਦੀ ਇਸ ਸ਼ਾਨਦਾਰ ਵਿੱਦਿਅਕ ਪ੍ਰਾਪਤੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਨੇ ਉਂਕਾਰ ਸਿੰਘ ਨੂੰ 51 ਹਜ਼ਾਰ ਰੁਪਏ ਦੀ ਵਿਸ਼ੇਸ਼ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੀਤੇ ਦਿਨੀਂ ਆਯੋਜਿਤ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਇਹ ਅਹਿਮ ਫੈਸਲਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਂਕਾਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਨੌਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਪੂਰੇ ਬੋਰਡ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਸੀ ਅਤੇ ਉਹ ਲਗਾਤਾਰ ਪੜ੍ਹਾਈ ਦੇ ਖੇਤਰ ਵਿੱਚ ਬੁਲੰਦੀਆਂ ਛੂਹ ਰਿਹਾ ਹੈ। ਜ਼ਿਕਰਯੋਗ ਹੈ ਕਿ ਉਂਕਾਰ ਸਿੰਘ ਦੇ ਪਿਤਾ ਡਾ. ਮਿਮਪਾਲ ਸਿੰਘ, ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਅਹਿਮ ਮੈਂਬਰ ਹਨ, ਖ਼ੁਦ ਵੀ ਵਿੱਦਿਅਕ ਅਤੇ ਡਾਕਟਰੀ ਖੇਤਰ ਵਿੱਚ ਇੱਕ ਜਾਣਿਆ-ਪਛਾਣਿਆ ਨਾਂ ਹਨ। ਉਹ ਪਾਕਿਸਤਾਨ ਦੇ ਪਹਿਲੇ ਸਿੱਖ ਡਾਕਟਰ ਹਨ ਅਤੇ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਵੱਕਾਰੀ 'ਤਮਗਾ-ਏ-ਇਮਤਿਆਜ਼' ਨਾਲ ਵੀ ਨਵਾਜ਼ਿਆ ਜਾ ਚੁੱਕਾ ਹੈ। ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰਾ ਘੱਟ ਗਿਣਤੀ ਵਿੱਚ ਹੋਣ ਦੇ ਬਾਵਜੂਦ ਉਂਕਾਰ ਸਿੰਘ ਵੱਲੋਂ ਵਿੱਦਿਅਕ ਖੇਤਰ ਵਿੱਚ ਹਾਸਲ ਕੀਤੀ ਇਹ ਮਾਣਮੱਤੀ ਪ੍ਰਾਪਤੀ ਸਮੁੱਚੀ ਸਿੱਖ ਕੌਮ ਲਈ ਵੱਡੇ ਗੌਰਵ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਂਕਾਰ ਸਿੰਘ ਭਵਿੱਖ ਵਿੱਚ ਵੀ ਆਪਣੀ ਲਗਨ, ਮਿਹਨਤ ਅਤੇ ਲਿਆਕਤ ਨਾਲ ਸਿੱਖ ਕੌਮ ਦਾ ਨਾਂ ਦੁਨੀਆ ਭਰ ਵਿੱਚ ਰੋਸ਼ਨ ਕਰਦਾ ਰਹੇਗਾ।
Leave a Reply