ਗੁਰਪੁਰਬ ਮੌਕੇ ਮੁੜ ਹੋਇਆ ਅਕਾਲੀ ਦਲ ਅਤੇ ਭਾਜਪਾ ਗੱਠਜੋੜ, ਅਮਿਤ ਸ਼ਾਹ ਨੇ ਅਕਾਲੀ ਦਲ ਨੂੰ ਦੱਸਿਆ ‘ਵੱਡਾ ਭਰਾ’ ਤੇ ਮੁੱਖ ਮੰਤਰੀ ਦਾ ਚਿਹਰਾ
- ਪੰਜਾਬ
- (Asia/Kolkata)
ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਬਦਲਾਅ ਲਿਆਉਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਮੌਕੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਨਵੀਂ ਦਿੱਲੀ ਵਿਖੇ ਹੋਈ ਇੱਕ ਮਹੱਤਵਪੂਰਨ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨਵੀਂ ਸਾਂਝ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਨਾਲ-ਨਾਲ ਪੰਜਾਬ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਰਹੀ।ਗੱਠਜੋੜ ਦੇ ਐਲਾਨ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ‘ਵੱਡੇ ਭਰਾ’ ਦੀ ਭੂਮਿਕਾ ਵਿੱਚ ਰਹੇਗਾ। ਆਗਾਮੀ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ‘ਵੱਡਾ ਭਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ।’ ਉਨ੍ਹਾਂ ਦੇ ਇਸ ਬਿਆਨ ਨਾਲ ਇਹ ਤਸਵੀਰ ਸਾਫ਼ ਹੋ ਗਈ ਹੈ ਕਿ ਸੂਬੇ ਵਿੱਚ ਗੱਠਜੋੜ ਦੀ ਅਗਵਾਈ ਅਕਾਲੀ ਦਲ ਵੱਲੋਂ ਹੀ ਕੀਤੀ ਜਾਵੇਗੀ। ਅਮਿਤ ਸ਼ਾਹ ਨੇ ਗੱਠਜੋੜ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ ਮੁੜ ਨਾਲ ਜੁੜਨ ਨਾਲ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਅਤੇ ਹਿੰਦੂ-ਸਿੱਖ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਭਾਜਪਾ ਦੇ ਵਾਅਦੇ ਨੂੰ ਵੱਡੀ ਤਾਕਤ ਮਿਲੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਭਾਈਵਾਲੀ ਨੂੰ ਸਿਰਫ਼ ਇੱਕ ਸਿਆਸੀ ਸਮਝੌਤਾ ਨਾ ਦੱਸਦਿਆਂ ‘ਨਹੁੰ-ਮਾਸ ਦਾ ਰਿਸ਼ਤਾ’ ਕਰਾਰ ਦਿੱਤਾ। ਆਪਣੇ ਸੰਬੋਧਨ ਦੀ ਸ਼ੁਰੂਆਤ ਵਿੱਚ ਉਨ੍ਹਾਂ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਇਹ ਗੱਠਜੋੜ ਸਿੱਖ ਕੌਮ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ, ਅਤੇ ਇਸ ਸਾਂਝ ਸਦਕਾ ਹਮੇਸ਼ਾ ਪੰਜਾਬ ਵਿੱਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੀ ਹੈ। ਆਪਣੀ ਪਾਰਟੀ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 106 ਸਾਲ ਪੁਰਾਣੀ ਜਥੇਬੰਦੀ ਹੈ, ਜਿਸ ਦਾ ਦੇਸ਼, ਪੰਜਾਬ ਅਤੇ ਸਿੱਖ ਕੌਮ ਦੇ ਹਰ ਮਸਲੇ ਅਤੇ ਸੰਘਰਸ਼ ਵਿੱਚ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਦੋਵਾਂ ਪਾਰਟੀਆਂ ਦੀ ਇਹ ਮੁੜ ਹੋਈ ਸਾਂਝ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਨਵਾਂ ਰਾਹ ਖੋਲ੍ਹੇਗੀ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਅਕਾਲੀ ਦਲ ਨਾਲ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਵਿੱਚ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਇੱਕ ਬੇਹੱਦ ਸੁਭਾਵਿਕ (Natural) ਗੱਠਜੋੜ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਸਾਲ 2020 ਵਿੱਚ ਦੋਵਾਂ ਪਾਰਟੀਆਂ ਦਾ ਦਹਾਕਿਆਂ ਪੁਰਾਣਾ ਗੱਠਜੋੜ ਟੁੱਟ ਗਿਆ ਸੀ, ਪਰ ਹੁਣ ਲਗਭਗ 6 ਸਾਲਾਂ ਬਾਅਦ ਦੋਵਾਂ ਪਾਰਟੀਆਂ ਨੇ ਮੁੜ ਹੱਥ ਮਿਲਾ ਲਿਆ ਹੈ।
Leave a Reply