Daily Suraj

ਪੰਜਾਬੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵਿਸ਼ੇਸ਼ ਸੈਮੀਨਾਰ ਆਯੋਜਿਤ

12 May, 2026 03:33 PM

(ਆਰ. ਕੇ. ਸੋਨੀ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਮੰਤਰੀਆਂ, ਵਿਦਵਾਨਾਂ, ਸੰਤ ਮਹਾਂਪੁਰਖਾਂ, ਅਧਿਆਪਕਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ “ਬੇਗਮਪੁਰਾ” ਦੇ ਸੰਕਲਪ ਵਾਲਾ ਸਮਾਨਤਾ-ਅਧਾਰਿਤ ਭਾਰਤ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਸਮਾਨਤਾ ਅਤੇ ਇਨਸਾਫ਼ ਦੇ ਸਿਧਾਂਤਾਂ ਨੂੰ ਧਿਆਨ ਵਿੱਚ ਰੱਖ ਕੇ ਲੋਕ-ਹਿਤੈਸ਼ੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਦਕਿ ਫਰੀਦਪੁਰ ਪਿੰਡ ਵਿੱਚ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਵੀ ਜਲਦ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਕਰੀਬ 650 ਸਾਲ ਪਹਿਲਾਂ ਹੀ ਮਨੁੱਖਤਾ ਨੂੰ ਸਮਾਨਤਾ, ਪ੍ਰੇਮ ਅਤੇ ਨਿਆਂ ਦਾ ਸੰਦੇਸ਼ ਦਿੱਤਾ ਸੀ, ਜੋ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਸੰਤ ਗੁਰਦੀਪ ਗਿਰੀ ਜੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 40 ਸ਼ਬਦ ਅਤੇ ਇੱਕ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਬਾਣੀ ਰਾਹੀਂ ਜਾਤ-ਪਾਤ ਅਤੇ ਸਮਾਜਿਕ ਵਿਤਕਰੇ ਦੇ ਖ਼ਿਲਾਫ਼ ਆਵਾਜ਼ ਉਠਾਈ ਅਤੇ ਪ੍ਰੇਮ ਤੇ ਭਗਤੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਵੰਡ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਾਨੂੰ ਸਾਰੇਆਂ ਨੂੰ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਵਿਹਾਰਕ ਜੀਵਨ ਵਿੱਚ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਸੰਦੇਸ਼ ਵਿਸ਼ਵ ਪੱਧਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਦੇ ਪਿਛੜੇ ਵਰਗਾਂ ਵਿੱਚ ਆਤਮ-ਵਿਸ਼ਵਾਸ ਅਤੇ ਸਨਮਾਨ ਦੀ ਭਾਵਨਾ ਪੈਦਾ ਕੀਤੀ। ਉਨ੍ਹਾਂ ਕਿਹਾ ਕਿ “ਬੇਗਮਪੁਰਾ” ਦਾ ਸੰਕਲਪ ਵਿਸ਼ਵ ਰਾਜਨੀਤਿਕ ਚਿੰਤਨ ਲਈ ਵੀ ਮਹੱਤਵਪੂਰਨ ਹੈ ਅਤੇ ਇਸ ਦਾ ਵਿਸ਼ਵ ਪੱਧਰ `ਤੇ ਅਧਿਐਨ ਹੋਣਾ ਚਾਹੀਦਾ ਹੈ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ ਵਿੱਚੋਂ ਪਖੰਡਵਾਦ ਅਤੇ ਵਿਤਕਰੇ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਦੱਬੇ-ਕੁਚਲੇ ਵਰਗਾਂ ਵਿੱਚ ਸਨਮਾਨ ਅਤੇ ਆਸ ਦੀ ਨਵੀਂ ਚੇਤਨਾ ਪੈਦਾ ਕੀਤੀ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ। ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸੂਬੇ ਭਰ ਵਿੱਚ ਵੱਡੇ ਪੱਧਰ `ਤੇ ਮਨਾਇਆ ਜਾ ਰਿਹਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਡਾਕੂਮੈਂਟਰੀ ਫ਼ਿਲਮਾਂ, ਡਰੋਨ ਸ਼ੋਅ ਅਤੇ ਵਿਸ਼ਾਲ ਸ਼ੋਭਾ ਯਾਤਰਾਵਾਂ ਦਾ ਆਯੋਜਨ ਕੀਤਾ ਜਾਵੇਗਾ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਐੱਸ.ਡੀ.ਐੱਮ. ਅੰਮ੍ਰਿਤਸਰ-2 ਗੁਰਮੰਦਰ ਸਿੰਘ ਅਤੇ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਸਨ। ਸਮਾਗਮ ਦੇ ਅਖੀਰ ਵਿੱਚ ਮਹਿਮਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।

Posted By: Daily Suraj Bureau

Latest News