ਪੰਜਾਬ ਬੱਸ ਹੜਤਾਲ: 25 ਨਵੰਬਰ ਤੋਂ ਸੂਬੇ ਭਰ ਵਿੱਚ ਤਿੰਨ ਦਿਨਾਂ ਲਈ ਰੁਕਣਗੇ ਸਰਕਾਰੀ ਬੱਸਾਂ ਦੇ ਪਹੀਏ, ਮੁਸਾਫ਼ਰਾਂ ਦੀਆਂ ਵਧਣਗੀਆਂ ਮੁਸ਼ਕਲਾਂ

ਪੰਜਾਬ ਬੱਸ ਹੜਤਾਲ: 25 ਨਵੰਬਰ ਤੋਂ ਸੂਬੇ ਭਰ ਵਿੱਚ ਤਿੰਨ ਦਿਨਾਂ ਲਈ ਰੁਕਣਗੇ ਸਰਕਾਰੀ ਬੱਸਾਂ ਦੇ ਪਹੀਏ, ਮੁਸਾਫ਼ਰਾਂ ਦੀਆਂ ਵਧਣਗੀਆਂ ਮੁਸ਼ਕਲਾਂ

ਪੰਜਾਬ ਵਿੱਚ 25 ਨਵੰਬਰ ਤੋਂ ਲਗਾਤਾਰ ਤਿੰਨ ਦਿਨਾਂ ਤੱਕ ਸਰਕਾਰੀ ਬੱਸ ਸੇਵਾਵਾਂ ਠੱਪ ਰਹਿਣ ਦੀ ਸੰਭਾਵਨਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਸੂਬਾ ਸਰਕਾਰ ਵੱਲੋਂ ਮੰਗਾਂ ਸਬੰਧੀ ਦਿੱਤੇ ਭਰੋਸੇ ਪੂਰੇ ਨਾ ਕਰਨ ਦੇ ਵਿਰੋਧ ਵਿੱਚ ਸੂਬਾ ਪੱਧਰੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਚੱਕਾ ਜਾਮ ਕਾਰਨ ਰੋਜ਼ਾਨਾ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੀਆਂ ਹਜ਼ਾਰਾਂ ਔਰਤਾਂ, ਦਫ਼ਤਰੀ ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਦਿਹਾੜੀਦਾਰ ਮਜ਼ਦੂਰਾਂ ਨੂੰ ਆਵਾਜਾਈ ਵਿੱਚ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਇਹ ਕਦਮ ਅਜਿਹੇ ਸਮੇਂ ਚੁੱਕਿਆ ਜਾ ਰਿਹਾ ਹੈ, ਜਦੋਂ ਸਰਕਾਰ ਨਾਲ ਹੋਈਆਂ ਪਿਛਲੀਆਂ ਬੈਠਕਾਂ ਵਿੱਚ ਲਏ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਵਿੱਚ ਹੋ ਰਹੀ ਦੇਰੀ ਕਾਰਨ ਮੁਲਾਜ਼ਮਾਂ ਅੰਦਰ ਰੋਸ ਲਗਾਤਾਰ ਵਧ ਰਿਹਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪਿਛਲੀ ਹੜਤਾਲ ਮੌਕੇ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਤੱਕ ਸਿਰਫ਼ ਚੰਡੀਗੜ੍ਹ ਡਿੱਪੂ ਦੇ ਮੁਲਾਜ਼ਮਾਂ ਨੂੰ ਹੀ ਨਿਯੁਕਤੀ ਪੱਤਰ ਸੌਂਪੇ ਗਏ ਹਨ। ਸੂਬੇ ਦੇ ਬਾਕੀ ਡਿੱਪੂਆਂ ਵਿੱਚ ਤਾਇਨਾਤ ਮੁਲਾਜ਼ਮ ਅਜੇ ਵੀ ਆਪਣੇ ਪਛਾਣ ਪੱਤਰਾਂ ਅਤੇ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਜ਼ਮ ਆਗੂਆਂ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਡਿੱਪੂ ਦੇ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ, ਪਰ ਹੋਰਨਾਂ ਡਿੱਪੂਆਂ ਦੇ ਮੁਲਾਜ਼ਮਾਂ ਸਬੰਧੀ ਪ੍ਰਕਿਰਿਆ ਅਧੂਰੀ ਛੱਡ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਲਈ ਮੰਗਲਵਾਰ ਸਵੇਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ, ਪਰ ਕੋਈ ਹੱਲ ਨਾ ਨਿਕਲਣ ਕਾਰਨ ਤਿੰਨ ਦਿਨਾਂ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਰੇਸ਼ਮ ਸਿੰਘ ਗਿੱਲ ਨੇ ਅੱਗੇ ਐਲਾਨ ਕੀਤਾ ਕਿ ਤਿੰਨ ਦਿਨਾਂ ਦੀ ਹੜਤਾਲ ਦੇ ਨਾਲ-ਨਾਲ ਠੇਕਾ ਮੁਲਾਜ਼ਮ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਸੂਬਾ ਸਰਕਾਰ ਦੀ ਰੈਲੀ ਦੌਰਾਨ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਮਾਰਚ ਵੀ ਕਰਨਗੇ। ਮੁਲਾਜ਼ਮਾਂ ਦੀ ਪ੍ਰਮੁੱਖ ਮੰਗ ਹੈ ਕਿ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪਾਂ ਵਿੱਚ ਸੇਵਾਵਾਂ ਨਿਭਾਅ ਰਹੇ ਹਜ਼ਾਰਾਂ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਜਿਨ੍ਹਾਂ ਵਿੱਚੋਂ ਕਈ ਮੁਲਾਜ਼ਮ ਪਿਛਲੇ ਦਸ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਯੂਨੀਅਨ ਨੇ ਤੀਜੀਆਂ ਕੰਪਨੀਆਂ (ਆਊਟਸੋਰਸਿੰਗ) ਰਾਹੀਂ ਕੀਤੀ ਜਾਂਦੀ ਭਰਤੀ ਪ੍ਰਕਿਰਿਆ ਨੂੰ ਬੰਦ ਕਰਨ ਅਤੇ ਪਿਛਲੇ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਗਏ ਪੁਲਿਸ ਕੇਸ (ਐੱਫਆਈਆਰਜ਼) ਰੱਦ ਕਰਨ ਦੀ ਮੰਗ ਵੀ ਰੱਖੀ ਹੈ।