Daily Suraj

ਪੰਜਾਬੀ

ਪੰਜਾਬ ਵਿੱਚ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ, ਸਰਕਾਰ ਨੇ ਜਾਰੀ ਕੀਤਾ ਸ਼ਡਿਊਲ

29 Apr, 2026 04:29 PM

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਲਵਾਈ ਲਈ ਵਿਸਥਾਰਪੂਰਵਕ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ, ਜਦਕਿ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਆਰੰਭ ਹੋਵੇਗੀ। ਮੁੱਖ ਮੰਤਰੀ ਦੇ ਅਨੁਸਾਰ, ਝੋਨੇ ਦੀ ਸਿੱਧੀ ਬਿਜਾਈ ਦਾ ਸਮਾਂ 15 ਮਈ ਤੋਂ 31 ਮਈ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਬਾਅਦ ਪਹਿਲੇ ਪੜਾਅ ਵਿੱਚ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇਗੀ। ਦੂਜੇ ਪੜਾਅ ਤਹਿਤ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਝੋਨਾ ਲਗਾਇਆ ਜਾਵੇਗਾ। ਇਸ ਤੋਂ ਬਾਅਦ ਆਖਰੀ ਪੜਾਅ 9 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਲੁਧਿਆਣਾ, ਮਲੇਰਕੋਟਲਾ, ਮਾਨਸਾ, ਪਟਿਆਲਾ, ਮੋਗਾ, ਬਰਨਾਲਾ, ਜਲੰਧਰ, ਸੰਗਰੂਰ, ਕਪੂਰਥਲਾ ਅਤੇ ਨਵਾਂ ਸ਼ਹਿਰ ਜ਼ਿਲ੍ਹੇ ਸ਼ਾਮਲ ਹਨ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ, ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ 1 ਮਈ ਤੋਂ ਸੂਬੇ ਦੇ ਸਾਰੇ ਖਾਲਿਆਂ ਵਿੱਚ ਪਾਣੀ ਛੱਡਿਆ ਜਾਵੇਗਾ। ਸਰਕਾਰ ਦੇ ਇਸ ਫੈਸਲੇ ਨੂੰ ਕਿਸਾਨਾਂ ਲਈ ਸੁਵਿਧਾਜਨਕ ਮੰਨਿਆ ਜਾ ਰਿਹਾ ਹੈ, ਜਿਸ ਨਾਲ ਲਵਾਈ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੰਜ਼ਾਮ ਦਿੱਤਾ ਜਾ ਸਕੇਗਾ।

Posted By: Daily Suraj Bureau

Latest News