'ਨਸ਼ੇ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨੇ ਨਸ਼ਾ ਮੁਕਤ ਯਾਤਰਾ': ਮੁੱਖ ਮੰਤਰੀ ਭਗਵੰਤ ਮਾਨ ਦਾ ਭਾਜਪਾ 'ਤੇ ਤਿੱਖਾ ਹਮਲਾ
- ਪੰਜਾਬ
- (Asia/Kolkata)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ 18 ਸਤੰਬਰ ਤੋਂ ਸੂਬੇ ਵਿੱਚ ਸ਼ੁਰੂ ਕੀਤੀ ਜਾਣ ਵਾਲੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਲੈ ਕੇ ਪਾਰਟੀ 'ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਚੰਡੀਗੜ੍ਹ ਵਿਖੇ ਡੀਜੀਪੀ ਗੌਰਵ ਯਾਦਵ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਪਲਾਈ ਕਰਨ ਵਾਲੇ ਹੀ ਹੁਣ ਨਸ਼ਿਆਂ ਵਿਰੁੱਧ ਯਾਤਰਾ ਕੱਢਣ ਦਾ ਡਰਾਮਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ 533 ਕਿਲੋਮੀਟਰ ਦੀ ਸੀਮਾ ਕੌਮਾਂਤਰੀ ਸਰਹੱਦ ਨਾਲ ਲੱਗਦੀ ਹੈ। ਸਰਹੱਦ ਪਾਰੋਂ ਰੋਜ਼ਾਨਾ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜੇ ਜਾਂਦੇ ਹਨ, ਜਿਨ੍ਹਾਂ ਨੂੰ ਪੰਜਾਬ ਪੁਲੀਸ ਵੱਲੋਂ ਲਗਾਤਾਰ ਜ਼ਬਤ ਕੀਤਾ ਜਾਂਦਾ ਹੈ। ਉਨ੍ਹਾਂ ਭਾਜਪਾ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਗ੍ਰਹਿ ਰਾਜ ਗੁਜਰਾਤ ਦੇ ਮੁੰਦਰਾ ਪੋਰਟ ਤੋਂ 2-3 ਹਜ਼ਾਰ ਕਿਲੋ ਨਸ਼ੀਲੇ ਪਦਾਰਥ ਬਰਾਮਦ ਹੋ ਰਹੇ ਹਨ। ਇਸ ਤੋਂ ਇਲਾਵਾ, ਪੰਜਾਬ ਪੁਲੀਸ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਤੋਂ ਵੀ ਭਾਰੀ ਮਾਤਰਾ ਵਿੱਚ ਨਸ਼ੇ ਦੀ ਖੇਪ ਬਰਾਮਦ ਕੀਤੀ ਹੈ। ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਪਹਿਲਾਂ ਆਪਣੇ ਰਾਜ ਗੁਜਰਾਤ ਦੇ ਮੁੰਦਰਾ ਪੋਰਟ ਵੱਲ ਧਿਆਨ ਦੇਣਾ ਚਾਹੀਦਾ ਹੈ। ਇੱਕ ਪਾਸੇ ਨਸ਼ੀਲੇ ਪਦਾਰਥ ਸਪਲਾਈ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਨਸ਼ਾ ਮੁਕਤ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਪੰਜਾਬ ਦੇ ਸੂਝਵਾਨ ਲੋਕ ਇਸ ਸਭ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਉਹ ਭਾਜਪਾ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਦੇਸ਼ ਭਰ ਵਿੱਚ ਫੜੇ ਗਏ ਕੁੱਲ ਨਸ਼ਿਆਂ ਦਾ 60 ਫ਼ੀਸਦ ਹਿੱਸਾ ਇਕੱਲੀ ਪੰਜਾਬ ਪੁਲੀਸ ਵੱਲੋਂ ਬਰਾਮਦ ਕੀਤਾ ਗਿਆ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੁਲੀਸ ਵੱਲੋਂ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਠੋਸ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਗੈਂਗਸਟਰਾਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੰਜਾਬ ਵਿੱਚ ਮੌਜੂਦ ਅਪਰਾਧੀਆਂ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਬੈਠ ਕੇ ਮਾਹੌਲ ਖ਼ਰਾਬ ਕਰਨ ਵਾਲੇ ਗੈਂਗਸਟਰਾਂ ਨੂੰ ਵੀ ਕਾਨੂੰਨ ਦੇ ਕਟਿਹਰੇ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਕਿਸੇ ਵੀ ਗ਼ੈਰ-ਸਮਾਜਿਕ ਅਨਸਰ ਨੂੰ ਬਖ਼ਸ਼ਣ ਦੇ ਰੌਂਅ ਵਿੱਚ ਨਹੀਂ ਹੈ।
Leave a Reply