ਪਰਵਿੰਦਰ ਸਿੰਘ ਝੋਟਾ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦਾ ਸਥਾਨ ਬਦਲਿਆ; ਹੁਣ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ ਇਕੱਠ
- ਪੰਜਾਬ
- (Asia/Kolkata)
ਨਸ਼ਿਆਂ ਵਿਰੁੱਧ ਵਿੱਢੀ ਲੜਾਈ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੇ ਸਥਾਨ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਸਮਾਗਮ ਹੁਣ 15 ਨਵੰਬਰ, ਦਿਨ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਇਹ ਧਾਰਮਿਕ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਕੋਟਧਰਮੂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੁਲੀਸਰ ਸਾਹਿਬ ਵਿਖੇ ਰੱਖਿਆ ਗਿਆ ਸੀ। ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਅਤੇ ਨਸ਼ਾ ਵਿਰੋਧੀ ਸੰਘਰਸ਼ ਨਾਲ ਜੁੜੇ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਐਕਸ਼ਨ ਕਮੇਟੀ ਵੱਲੋਂ ਸਮਾਗਮ ਦਾ ਅਸਥਾਨ ਬਦਲਣ ਦਾ ਨਿਰਣਾ ਲਿਆ ਗਿਆ ਹੈ। ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਵਿਚਾਰਾਂ ਨੂੰ ਜਿਊਂਦਾ ਰੱਖਣ ਅਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਬਲ ਦੇਣ ਲਈ ਭੋਗ ਵਾਲੇ ਦਿਨ ਅਗਲੇ ਸੰਘਰਸ਼ ਦੀ ਪੂਰੀ ਰੂਪ-ਰੇਖਾ ਜਨਤਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਵਿੰਦਰ ਝੋਟਾ ਦੀ ਯਾਦ ਵਿੱਚ ਗਠਿਤ ਕੀਤੀ ਗਈ 'ਨਸ਼ਿਆਂ ਵਿਰੁੱਧ ਟਾਸਕ ਫੋਰਸ' ਨੇ ਇਸ ਲੜਾਈ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਆਉਣ ਵਾਲੇ ਦਿਨਾਂ ਵਿੱਚ ਨਵੇਂ ਪ੍ਰੋਗਰਾਮਾਂ ਦੀ ਉਲੇਖਣਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਮੁੱਖ ਮਾਰਗ 'ਤੇ ਪਿਛਲੇ 26 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਧਰਨਾ ਹੁਣ ਸਮਾਪਤ ਕਰ ਦਿੱਤਾ ਗਿਆ ਹੈ। ਧਰਨਾ ਚੁੱਕੇ ਜਾਣ ਤੋਂ ਬਾਅਦ ਰਾਹਗੀਰਾਂ ਅਤੇ ਹਰ ਰੋਜ਼ ਲੰਘਣ ਵਾਲੇ ਵਾਹਨਾਂ ਲਈ ਮੁੱਖ ਮਾਰਗ ਸਮੇਤ ਸਾਰੇ ਰਸਤੇ ਪੂਰੀ ਤਰ੍ਹਾਂ ਖੋਲ੍ਹ ਦਿੱਤੇ ਗਏ ਹਨ, ਜਿਸ ਨਾਲ ਲੰਮੇ ਸਮੇਂ ਤੋਂ ਆਵਾਜਾਈ ਦੀ ਸਮੱਸਿਆ ਨਾਲ ਜੂਝ ਰਹੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹਾਲਾਂਕਿ, ਜਥੇਬੰਦੀਆਂ ਨੇ ਸਾਫ਼ ਕੀਤਾ ਹੈ ਕਿ ਧਰਨਾ ਸਮਾਪਤ ਹੋਣ ਦੇ ਬਾਵਜੂਦ ਨਸ਼ਾ ਵਿਰੋਧੀ ਲੜਾਈ ਮੱਧਮ ਨਹੀਂ ਪਵੇਗੀ। ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਅਤੇ ਪਤਨੀ ਮਨਪ੍ਰੀਤ ਕੌਰ ਨੇ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਪਰਵਿੰਦਰ ਦੀ ਸੋਚ ਅਤੇ ਨਸ਼ਿਆਂ ਖ਼ਿਲਾਫ਼ ਉਸ ਦੇ ਜਜ਼ਬੇ ਨੂੰ ਹਮੇਸ਼ਾ ਜ਼ਿੰਦਾ ਰੱਖਣਗੇ। ਉਨ੍ਹਾਂ ਆਖਿਆ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਝੋਟਾ ਦੁਆਰਾ ਵਿੱਢੇ ਕਾਰਜਾਂ ਨੂੰ ਕਿਸੇ ਵੀ ਕੀਮਤ 'ਤੇ ਰੁਕਣ ਨਹੀਂ ਦਿੱਤਾ ਜਾਵੇਗਾ। ਪਰਿਵਾਰ ਅਨੁਸਾਰ ਪਰਵਿੰਦਰ ਸਿੰਘ ਝੋਟਾ ਦੇ ਅਧੂਰੇ ਮਿਸ਼ਨ ਨੂੰ ਅੱਗੇ ਵਧਾਉਣਾ ਹੀ ਉਸ ਲਈ ਸੱਚੀ ਸ਼ਰਧਾਂਜਲੀ ਹੋਵੇਗੀ।
Leave a Reply