ਐਸਜੀਪੀਸੀ ਵੱਲੋਂ ਵਿਸਾਖੀ ਜਥਾ ਤਿਆਰ, 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ
ਖਾਲਸਾ ਸਾਜਣਾ ਦਿਵਸ (ਵਿਸਾਖੀ) ਦੇ ਮੌਕੇ ‘ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਕੁੱਲ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 1763 ਨੂੰ ਵੀਜ਼ੇ ਜਾਰੀ ਕੀਤੇ ਗਏ ਹਨ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਜਥਾ 10 ਅਪ੍ਰੈਲ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ ਅਤੇ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ ਵਿਖੇ ਖਾਲਸਾ ਸਾਜਣਾ ਦਿਵਸ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਵੇਗਾ। ਇਸ ਤੋਂ ਬਾਅਦ ਸ਼ਰਧਾਲੂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨਗੇ ਅਤੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤਣਗੇ। ਸ. ਕਾਹਲਵਾਂ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ, ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ। ਉਨ੍ਹਾਂ ਅਨੁਸਾਰ, ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ, ਉਨ੍ਹਾਂ ਦੇ ਸੀਰੀਅਲ ਨੰਬਰ ਹਨ: 144, 146, 161, 163, 201, 225, 245, 250, 251, 252, 304, 370, 413, 441, 509, 510, 524, 645, 652, 679, 680, 895, 1026, 1027, 1038, 1087, 1276, 1277, 1510, 1547, 1785 ਅਤੇ 1786।
Posted By: Daily Suraj Bureau