ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਕਦਮ: ਸ਼ਹੀਦ ਪਰਵਿੰਦਰ ਸਿੰਘ ਝੋਟਾ ਨਾਲ ਜ਼ਖ਼ਮੀ ਹੋਏ ਸਾਥੀਆਂ ਨੂੰ 5-5 ਲੱਖ ਰੁਪਏ ਦੇ ਚੈੱਕ ਸੌਂਪੇ
- ਪੰਜਾਬ
- (Asia/Kolkata)
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਅੱਜ ਸੰਸਥਾ ਵੱਲੋਂ ਚਾਰ ਜ਼ਖ਼ਮੀ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਂਟ ਕੀਤੇ ਗਏ। ਇਹ ਚੈੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਅੰਤਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਮੀਤ ਸਕੱਤਰ ਆਜ਼ਾਦਦੀਪ ਸਿੰਘ ਵੱਲੋਂ ਖ਼ੁਦ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਨੌਜਵਾਨਾਂ ਨੂੰ ਸੌਂਪੇ ਗਏ। ਇਸ ਮੌਕੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਿਤਾ ਬਾਪੂ ਭੀਮ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਸਮੇਂ ਵਾਪਰੀ ਦੁਖਦਾਈ ਘਟਨਾ ਦੌਰਾਨ ਪਰਵਿੰਦਰ ਸਿੰਘ ਝੋਟਾ ਸ਼ਹੀਦ ਹੋ ਗਏ ਸਨ, ਜਦਕਿ ਉਨ੍ਹਾਂ ਦੇ ਚਾਰ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗਿਆਨੀ ਟੇਕ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟਾਈ ਸੀ ਅਤੇ ਜ਼ਖ਼ਮੀਆਂ ਦੇ ਇਲਾਜ ਤੇ ਆਰਥਿਕ ਮਦਦ ਦੇਣ ਦਾ ਭਰੋਸਾ ਦਿੱਤਾ ਸੀ। ਇਸ ਮੌਕੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਦੀ ਅਲਾਹ ਤੋਂ ਬਚਾਉਣ ਲਈ ਹਿੰਮਤ ਦਿਖਾਉਣ ਵਾਲੇ ਪਰਵਿੰਦਰ ਸਿੰਘ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਅਤੇ ਨੌਜਵਾਨਾਂ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ ਅਤੇ ਸਮਾਜ ਵਿਰੋਧੀ ਤਾਕਤਾਂ ਵਿਰੁੱਧ ਲੜਨ ਵਾਲਿਆਂ ਨੂੰ ਕਦੇ ਵੀ ਇਕੱਲਾ ਨਹੀਂ ਛੱਡਿਆ ਜਾਵੇਗਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਮਨਦੀਪ ਸਿੰਘ ਮਾਖਾ ਅਤੇ ਰਜਿੰਦਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Leave a Reply