ਜੈਸ਼ੰਕਰ-ਚੋ ਹਿਊਨ ਨੇ ਤਕਨਾਲੋਜੀ, ਨਿਵੇਸ਼ ਅਤੇ ਸਾਫ਼ ਊਰਜਾ ਸਮੇਤ ਕਈ ਖੇਤਰਾਂ ਵਿੱਚ ਸਹਿਯੋਗ ਦੀ ਕੀਤੀ ਸਮੀਖਿਆ
ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਬੁੱਧਵਾਰ ਨੂੰ ਸਿਓਲ ਵਿੱਚ ਦੱਖਣੀ ਕੋਰੀਆ ਦੇ ਆਪਣੇ ਹਮਰੁਤਬਾ ਚੋ ਹਿਊਨ ਨਾਲ ਮੁਲਾਕਾਤ ਕਰਕੇ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੁੱਦਿਆਂ 'ਤੇ ਵਿਸਤ੍ਰਿਤ ਚਰਚਾ ਕੀਤੀ। ਇਸ ਦੌਰਾਨ ਜਹਾਜ਼ ਨਿਰਮਾਣ, ਵਪਾਰ, ਨਿਵੇਸ਼, ਰੱਖਿਆ, ਤਕਨਾਲੋਜੀ, ਸਾਫ਼ ਊਰਜਾ, ਸੱਭਿਆਚਾਰ ਅਤੇ ਲੋਕਾਂ ਦਰਮਿਆਨ ਆਪਸੀ ਸੰਪਰਕ (ਪੀ2ਪੀ) ਸਮੇਤ ਕਈ ਖੇਤਰਾਂ ਵਿੱਚ ਸਹਿਯੋਗ ਦੀ ਸਮੀਖਿਆ ਕੀਤੀ ਗਈ। ਬੈਠਕ ਦੌਰਾਨ ਦੋਵਾਂ ਵਿਦੇਸ਼ ਮੰਤਰੀਆਂ ਨੇ ਸਟਾਰਟਅੱਪ, ਫਿਨਟੈਕ ਅਤੇ ਬਹੁਪੱਖੀ ਮੰਚਾਂ 'ਤੇ ਸਹਿਯੋਗ ਦੇ ਨਵੇਂ ਮੌਕਿਆਂ ਬਾਰੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਮੀਟਿੰਗ ਤੋਂ ਬਾਅਦ ਐਸ. ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕਰਦਿਆਂ ਕਿਹਾ ਕਿ ਸਿਓਲ ਵਿੱਚ ਚੋ ਹਿਊਨ ਨਾਲ ਮੁਲਾਕਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਚਰਚਾਵਾਂ ਰਾਸ਼ਟਰਪਤੀ ਲੀ ਜੇ ਮਯੁੰਗ ਦੀ ਹਾਲੀਆ ਭਾਰਤ ਫੇਰੀ ਦੇ ਨਤੀਜਿਆਂ ਨੂੰ ਅੱਗੇ ਵਧਾਉਣ 'ਤੇ ਕੇਂਦਰਿਤ ਰਹੀਆਂ। ਉਨ੍ਹਾਂ ਕਿਹਾ ਕਿ ਦੋਵਾਂ ਪੱਖਾਂ ਨੇ ਰਾਜਨੀਤਿਕ, ਆਰਥਿਕ ਅਤੇ ਤਕਨਾਲੋਜੀ ਸਹਿਯੋਗ ਦੇ ਨਾਲ-ਨਾਲ ਸਟਾਰਟਅੱਪ, ਫਿਨਟੈਕ ਅਤੇ ਬਹੁਪੱਖੀ ਸਹਿਯੋਗ ਦੇ ਮੌਕਿਆਂ ਦੀ ਵੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਖੇਤਰੀ ਅਤੇ ਵਿਸ਼ਵ ਪੱਧਰ ਦੇ ਮੌਜੂਦਾ ਵਿਕਾਸਾਂ 'ਤੇ ਵੀ ਵਿਚਾਰ ਸਾਂਝੇ ਕੀਤੇ ਗਏ। ਚੋ ਹਿਊਨ ਨੇ ਕਿਹਾ ਕਿ ਪਿਛਲੇ ਸਾਲ ਅਪ੍ਰੈਲ ਵਿੱਚ ਰਾਸ਼ਟਰਪਤੀ ਲੀ ਜੇ ਮਯੁੰਗ ਦੀ ਭਾਰਤ ਦੀ ਸਰਕਾਰੀ ਫੇਰੀ ਨੇ ਦੱਖਣੀ ਕੋਰੀਆ ਅਤੇ ਭਾਰਤ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਅਤੇ ਗਤੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਨੇਤਾਵਾਂ ਨੇ ਪਿਛਲੇ ਸਿਖਰ ਸੰਮੇਲਨ ਦੌਰਾਨ ਹੋਈ ਸਹਿਮਤੀ ਅਨੁਸਾਰ ਵਪਾਰ, ਨਿਵੇਸ਼ ਅਤੇ ਵਿੱਤ ਵਰਗੇ ਖੇਤਰਾਂ ਵਿੱਚ ਕੀਤੀ ਗਈ ਪ੍ਰਗਤੀ ਦਾ ਮੁਲਾਂਕਣ ਕੀਤਾ ਅਤੇ ਅਗਲੇ ਕਦਮਾਂ 'ਤੇ ਵੀ ਵਿਚਾਰ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਹਫ਼ਤੇ ਭਾਰਤ ਦਾ ਪ੍ਰਧਾਨ ਮੰਤਰੀ ਦਫ਼ਤਰ 'ਕੋਰੀਆ ਵੀਕ' ਦੀ ਮੇਜ਼ਬਾਨੀ ਕਰ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਇਹ ਪਹਿਲ ਭਾਰਤ ਵਿੱਚ ਕੰਮ ਕਰ ਰਹੀਆਂ ਕੋਰੀਆਈ ਕੰਪਨੀਆਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਭਾਰਤ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਚੋ ਹਿਊਨ ਨੇ ਕਿਹਾ ਕਿ ਕੋਰੀਆ ਵਿੱਚ ਭਾਰਤੀ ਕੰਪਨੀਆਂ ਦੇ ਦਾਖਲੇ ਨੂੰ ਉਤਸ਼ਾਹਿਤ ਕਰਨ ਲਈ ਜਲਦੀ ਹੀ ਇੱਕ ਗੋਲਮੇਜ਼ ਬੈਠਕ ਵੀ ਆਯੋਜਿਤ ਕੀਤੀ ਜਾਵੇਗੀ। ਚੋ ਹਿਊਨ ਨੇ ਅੱਗੇ ਦੱਸਿਆ ਕਿ ਦੁਪਹਿਰ ਦੇ ਭੋਜਨ ਦੌਰਾਨ ਦੋਵਾਂ ਨੇਤਾਵਾਂ ਨੇ ਤੇਜ਼ੀ ਨਾਲ ਬਦਲ ਰਹੇ ਵਿਸ਼ਵ ਹਾਲਾਤਾਂ 'ਤੇ ਵਿਸਤ੍ਰਿਤ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਮੱਧ ਪੂਰਬ ਦੀ ਸਥਿਤੀ ਕਾਰਨ ਪੈਦਾ ਹੋਣ ਵਾਲੇ ਆਰਥਿਕ ਪ੍ਰਭਾਵਾਂ ਨਾਲ ਨਜਿੱਠਣ ਲਈ ਆਪਸੀ ਸੰਚਾਰ ਨੂੰ ਹੋਰ ਮਜ਼ਬੂਤ ਬਣਾਈ ਰੱਖਣ 'ਤੇ ਸਹਿਮਤ ਹੋਏ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਅਗਲੇ ਦਿਨ ਜੇਜੂ ਫੋਰਮ ਵਿੱਚ ਮੁੜ ਮਿਲਣਗੇ। ਮੀਟਿੰਗ ਦੌਰਾਨ ਆਪਣੇ ਸ਼ੁਰੂਆਤੀ ਸੰਬੋਧਨ ਵਿੱਚ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਸਿਓਲ ਆ ਕੇ ਅਤੇ ਚੋ ਹਿਊਨ ਨਾਲ ਮੁੜ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਹਾਲ ਹੀ ਵਿੱਚ ਰਾਸ਼ਟਰਪਤੀ ਦੀ ਭਾਰਤ ਫੇਰੀ ਹੋਈ ਹੈ ਅਤੇ ਵਿਸ਼ਵ ਪੱਧਰ 'ਤੇ ਤੇਜ਼ੀ ਨਾਲ ਬਦਲ ਰਹੇ ਹਾਲਾਤਾਂ ਵਿਚਕਾਰ ਭਾਰਤ ਅਤੇ ਦੱਖਣੀ ਕੋਰੀਆ ਦੇ ਸਬੰਧ ਹੋਰ ਵੀ ਮਹੱਤਵਪੂਰਨ ਬਣ ਗਏ ਹਨ। ਜੈਸ਼ੰਕਰ ਨੇ ਯਾਦ ਦਿਵਾਇਆ ਕਿ ਉਹ ਅਤੇ ਚੋ ਹਿਊਨ ਪਹਿਲਾਂ ਨਿਊਯਾਰਕ, ਕੁਆਲਾਲੰਪੁਰ, ਵਾਸ਼ਿੰਗਟਨ ਵਿੱਚ ਜੀ7 ਵਿਦੇਸ਼ ਮੰਤਰੀਆਂ ਦੀ ਮੀਟਿੰਗ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਦੌਰਾਨ ਵੀ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀਆਂ ਵਜੋਂ ਦੋਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਰਿਸ਼ਤੇ ਨੂੰ ਹੋਰ ਅੱਗੇ ਵਧਾਉਣ, ਸਰਕਾਰਾਂ ਅਤੇ ਆਰਥਿਕ ਖੇਤਰਾਂ ਵਿਚਾਲੇ ਤਾਲਮੇਲ ਨੂੰ ਮਜ਼ਬੂਤ ਬਣਾਉਣ ਅਤੇ ਬਦਲਦੇ ਵਿਸ਼ਵ ਪਸੰਘ ਵਿੱਚ ਇੱਕ ਹੋਰ ਮਜ਼ਬੂਤ ਅਤੇ ਸਮਕਾਲੀ ਭਾਈਵਾਲੀ ਤਿਆਰ ਕਰਨ। ਜੈਸ਼ੰਕਰ ਨੇ ਕਿਹਾ ਕਿ ਮੌਜੂਦਾ ਵਿਸ਼ਵ ਸਥਿਤੀ ਵਿੱਚ ਅਜਿਹੇ ਦੇਸ਼ਾਂ ਦੀ ਲੋੜ ਹੈ ਜੋ ਸਾਂਝੇ ਮੁੱਲਾਂ, ਆਪਸੀ ਵਿਸ਼ਵਾਸ ਅਤੇ ਇੱਕੋ ਜਿਹੀ ਸੋਚ ਦੇ ਆਧਾਰ 'ਤੇ ਮਿਲ ਕੇ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੀ ਭਾਰਤ ਫੇਰੀ ਅਤੇ ਹੀਰੋਸ਼ੀਮਾ ਵਿੱਚ ਜੀ7 ਦੌਰਾਨ ਦੋਵਾਂ ਦੇਸ਼ਾਂ ਦੇ ਨੇਤਾਵਾਂ ਦੀ ਮੁਲਾਕਾਤ ਨੇ ਦੁਵੱਲੇ ਸਬੰਧਾਂ ਨੂੰ ਹੋਰ ਅੱਗੇ ਵਧਾਉਣ ਲਈ ਸਪੱਸ਼ਟ ਦਿਸ਼ਾ ਪ੍ਰਦਾਨ ਕੀਤੀ ਹੈ।
Posted By: Daily Suraj Bureau